ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਕੰਮ ਦੇ ਘੰਟੇ ਹਫ਼ਤੇ ਵਿੱਚ 24 ਘੰਟੇ ਤੱਕ ਕੀਤੇ ਜਾਣਗੇ ਸੀਮਿਤ।ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਫੈਡਰਲ ਨਿਯਮ ਦੇ ਤਹਿਤ ਨਵੀਆਂ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ ਜਿਸ ਨਾਲ ਉਹ ਸਕੂਲ ਸੈਸ਼ਨਾਂ ਦੌਰਾਨ ਕੈਂਪਸ ਤੋਂ ਬਾਹਰ ਹਫ਼ਤੇ ਵਿੱਚ 24 ਘੰਟੇ ਤੱਕ ਕੰਮ ਕਰ ਸਕਣਗੇ। ਸਰਕਾਰ ਦਾ ਕਹਿਣਾ ਹੈ ਕਿ ਇਸ ਮਹੀਨੇ ਤੋਂ ਲਾਗੂ ਹੋਣ ਵਾਲੇ ਇਸ ਬਦਲਾਅ ਦਾ ਉਦੇਸ਼ ਵਿਦਿਆਰਥੀਆਂ ਨੂੰ ਕੰਮ ਦੇ ਮੌਕੇ ਪ੍ਰਦਾਨ ਕਰਦੇ ਹੋਏ ਆਪਣੀ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰਨ ਵਿੱਚ ਮਦਦ ਕਰਨਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ, ਕੋਵਿਡ-19 ਮਹਾਂਮਾਰੀ ਦੌਰਾਨ, ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 30 ਅਪ੍ਰੈਲ ਨੂੰ ਅਸਥਾਈ ਛੋਟ ਦੀ ਮਿਆਦ ਪੁੱਗਣ ਦੇ ਨਾਲ, ਹਰ ਹਫ਼ਤੇ 20 ਘੰਟੇ ਤੋਂ ਵੱਧ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਸੀ। ਗਰਮੀਆਂ ਵਿੱਚ, ਵਿਦਿਆਰਥੀਆਂ ਨੂੰ ਅਕਾਦਮਿਕ ਬਰੇਕਾਂ ਦੌਰਾਨ 40 ਘੰਟੇ ਜਾਂ ਵੱਧ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਸੀ ਪਰ ਫੁੱਲ-ਟਾਈਮ ਪੜ੍ਹਾਈ ਦੌਰਾਨ ਹਫ਼ਤੇ ਵਿੱਚ 20 ਘੰਟੇ ਤੱਕ ਸੀਮਿਤ ਸੀ। ਇਸ ਦੌਰਾਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਸਲਾਹ-ਮਸ਼ਵਰੇ ਅਤੇ ਰੈਗੂਲੇਸ਼ਨ ਪੀਰੀਅਡ ਤੋਂ ਬਾਅਦ ਅਪਡੇਟ ਕੀਤੀ ਕੈਪ, ਇਸ ਮਹੀਨੇ ਤੋਂ ਹੀ ਸ਼ੁਰੂ ਹੋ ਜਾਵੇਗੀ।