ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦਾ ਆਪਣੇ ਹਾਲ ਦੀ ਬਿਆਨ ਵਿੱਚ ਕਹਿਣਾ ਹੈ ਕਿ ਕੈਨੇਡਾ ਦੇ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਅਤੇ ਅਸਥਾਈ ਵਿਦੇਸ਼ੀ ਕਰਮਚਾਰੀਆਂ ਦੇ ਪ੍ਰੋਗਰਾਮ ਵਿੱਚ ਦੁਰਵਿਵਹਾਰ ਦੇਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਫ੍ਰੀਲੈਂਡ ਦੀਆਂ ਇਹ ਟਿੱਪਣੀਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਕੁਝ ਦਿਨਾਂ ਬਾਅਦ ਆਈਆਂ ਹਨ ਜਦੋਂ ਫੈਡਰਲ ਸਰਕਾਰ ਕੁਝ ਸੈਕਟਰਾਂ ਨੂੰ ਛੱਡ ਕੇ, ਕੈਨੇਡਾ ਵਿੱਚ ਘੱਟ ਤਨਖਾਹ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਨੂੰ ਸੀਮਤ ਕਰਨ ਲਈ ਅੱਗੇ ਵਧ ਰਹੀ ਹੈ। ਕਾਬਿਲੇਗੌਰ ਹੈ ਕਿ ਫੈਡਰਲ ਸਰਕਾਰ ਨੇ ਇਸ ਸਾਲ ਦੇ ਸ਼ੁਰੂ ਵਿੱਚ ਕੈਨੇਡਾ ਵਿੱਚ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਇੱਕ ਕੈਪ ਦਾ ਐਲਾਨ ਵੀ ਕੀਤਾ ਸੀ। ਇਸ ਦੌਰਾਨ ਆਪਣੇ ਬਿਆਨ ਵਿੱਚ ਫ੍ਰੀਲੈਂਡ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਅਸਥਾਈ ਕਰਮਚਾਰੀਆਂ ਨਾਲ ਹੋਣ ਵਾਲੇ ਦੁਰਵਿਵਹਾਰ ਦਾ ਦੋਸ਼ ਗਲਤ ਸੰਸਥਾਵਾਂ ‘ਤੇ ਲਗਾਇਆ। ਦੱਸਦਈਏ ਕਿ ਕੈਨੇਡਾ ਵਿੱਚ ਦਿਨੋਂ-ਦਿਨ ਬਦਲ ਰਹੇ ਇਮੀਗ੍ਰੇਸ਼ਨ ਨਿਯਮਾਂ ਵਿਚਾਲੇ 26 ਸਤੰਬਰ ਤੋਂ, ਸਰਕਾਰ ਛੇ ਫੀਸਦੀ ਜਾਂ ਇਸ ਤੋਂ ਵੱਧ ਦੀ ਬੇਰੁਜ਼ਗਾਰੀ ਦਰ ਵਾਲੇ ਖੇਤਰਾਂ ਵਿੱਚ ਘੱਟ ਤਨਖਾਹ ਵਾਲੇ ਅਸਥਾਈ ਵਿਦੇਸ਼ੀ ਕਾਮਿਆਂ ਦੀਆਂ ਅਰਜ਼ੀਆਂ ਨੂੰ ਰੱਦ ਕਰ ਦੇਵੇਗੀ।