ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਦੇ ਜੀਐਸਟੀ ਸੰਯੁਕਤ ਡਾਇਰੈਕਟਰ ਬਲਬੀਰ ਕੁਮਾਰ ਵਿਰਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪਟਿਆਲਾ ਵਿੱਚ ਮੇਨ ਸਟੇਟ ਟੈਕਸ ਵਿਭਾਗ ਵਿੱਚ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਸੀ। ਉਸ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਵਿਜੀਲੈਂਸ ਨੇ ਦੱਸਿਆ ਕਿ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਉਦਯੋਗਪਤੀਆਂ ਨਾਲ ਮਿਲੀਭੁਗਤ ਨਾਲ ਟੈਕਸ ਚੋਰੀ ਵਿੱਚ ਸ਼ਾਮਲ ਸਨ। ਇਸ ਸਬੰਧ ਵਿਚ 21 ਅਗਸਤ 2020 ਨੂੰ ਐਸ.ਏ.ਐਸ.ਨਗਰ ਦੇ ਫਲਾਇੰਗ ਸਕੁਐਡ-1 ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਵਿਜੀਲੈਂਸ ਨੇ ਵਿਰਦੀ ਖਿਲਾਫ ਗੈਰ-ਕਾਨੂੰਨੀ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜਾਂਚ ਵੀ ਸ਼ੁਰੂ ਕਰ ਦਿੱਤੀ ਸੀ।
ਵਿਜੀਲੈਂਸ ਨੇ ਦੱਸਿਆ ਕਿ ਬਿਊਰੋ ਵੱਲੋਂ ਮੁਲਜ਼ਮ ਵਿਰਦੀ, ਵਾਸੀ ਜਲੰਧਰ, ਖ਼ਿਲਾਫ਼ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ 1 ਅਪ੍ਰੈਲ 2007 ਤੋਂ 11 ਸਤੰਬਰ 2020 ਤੱਕ ਦੇ ਸਮੇਂ ਦੌਰਾਨ ਉਸ ਨੇ ਕੁੱਲ 5,12,51,688.37 ਰੁਪਏ ਖਰਚ ਕੀਤੇ ਸਨ, ਜਦਕਿ ਸਾਰੇ ਸਰੋਤਾਂ ਤੋਂ ਉਸ ਦੀ ਅਸਲ ਆਮਦਨ 2,08,84,863.37 ਰੁਪਏ ਸੀ। ਜਾਂਚ ਦੌਰਾਨ ਪਾਇਆ ਗਿਆ ਕਿ ਅਧਿਕਾਰੀ ਨੇ ਚੈਕ ਪੀਰੀਅਡ ਦੌਰਾਨ ਆਪਣੀ ਆਮਦਨ ਨਾਲੋਂ 3,03,66,825 ਰੁਪਏ ਵੱਧ ਖਰਚ ਕੀਤੇ, ਜੋ ਕਿ ਉਸਦੀ ਕੁੱਲ ਆਮਦਨ ਤੋਂ ਲਗਭਗ 145.40 ਫੀਸਦੀ ਵੱਧ ਹੈ।