16 ਮਾਰਚ 2024: ਇਮਰਾਨ ਖਾਨ ਦੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਸੁੰਨੀ ਇਤੇਹਾਦ ਕੌਂਸਲ ਦੀ ਪਟੀਸ਼ਨ ਨੂੰ ਖਾਰਜ ਕਰਨ ਤੋਂ ਬਾਅਦ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ, ਜਿਸ ਨੇ ਚੋਣ ਕਮਿਸ਼ਨ ਦੇ ਰਾਸ਼ਟਰੀ ਅਤੇ ਸੂਬਾਈ ਅਸੈਂਬਲੀਆਂ ਵਿੱਚ ਹੋਰ ਪਾਰਟੀਆਂ ਨੂੰ ਰਾਖਵੀਆਂ ਸੀਟਾਂ ਅਲਾਟ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।
ਪਾਕਿਸਤਾਨ ‘ਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਸਿਆਸੀ ਉਥਲ-ਪੁਥਲ ਜਾਰੀ ਹੈ। ਹਾਲ ਹੀ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਦਾ ਫਾਇਦਾ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਮਿਲਿਆ ਹੈ। ਦਰਅਸਲ, ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਨਵਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਪੀਐਮਐਲ-ਐਨ ਨੂੰ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਸਭ ਤੋਂ ਵੱਡੀ ਸਿਆਸੀ ਪਾਰਟੀ ਬਣਾਉਂਦੇ ਹੋਏ ਖਾਨ ਸਮਰਥਿਤ ਸੁੰਨੀ ਇਤੇਹਾਦ ਕੌਂਸਲ (ਐਸਆਈਸੀ) ਨੂੰ ਰਾਖਵੀਆਂ ਸੀਟਾਂ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ SIC ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਪਰ ਉਥੋਂ ਵੀ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ। ਹੁਣ ਇਮਰਾਨ ਖਾਨ ਦੀ ਪਾਰਟੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦਾ ਐਲਾਨ ਕੀਤਾ ਹੈ।