ਅੱਜ ਪੰਜਾਬ ਬੰਦ ਰਹੇਗਾ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਮੰਗਾਂ ਦੇ ਹੱਕ ਵਿੱਚ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਵਰਗ ਦਾ ਸਮਰਥਨ ਹਾਸਲ ਹੈ। ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਰੇਲ ਅਤੇ ਬੱਸ ਸੇਵਾਵਾਂ ਵੀ ਪ੍ਰਭਾਵਿਤ ਹੋਣਗੀਆਂ। ਬੱਸ ਸੇਵਾਵਾਂ ਵੀ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹਿਣਗੀਆਂ। ਕਿਸਾਨਾਂ ਅਤੇ ਦੁੱਧ ਵਾਲਿਆਂ ਨੇ ਵੀ ਬੰਦ ਦੇ ਸਮਰਥਨ ਵਿੱਚ ਸਬਜ਼ੀਆਂ ਅਤੇ ਦੁੱਧ ਦੀ ਸਪਲਾਈ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਹਾਲਾਂਕਿ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਕਿਸੇ ਵੀ ਐਮਰਜੈਂਸੀ ਸੇਵਾਵਾਂ ਵਿੱਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ। ਬੰਦ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਵੀ ਕਿਸਾਨਾਂ ਦੀ ਹੜਤਾਲ ਦੇ ਸਮਰਥਨ ਵਿੱਚ ਆਪਣੇ ਦਫ਼ਤਰਾਂ ਅਤੇ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਉਨ੍ਹਾਂ ਦੀ ਹਮਾਇਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਖਨੌਰੀ ਅਤੇ ਸ਼ੰਭੂ ਸਰਹੱਦ ’ਤੇ ਪੁੱਜਣ ਦਾ ਸੱਦਾ ਦਿੱਤਾ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ 34 ਦਿਨਾਂ ਵਿੱਚ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਪੱਤਰ ਲਿਖੇ ਜਾ ਚੁੱਕੇ ਹਨ ਪਰ ਕਿਸੇ ਨੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਗੱਲਬਾਤ ਦਾ ਕੋਈ ਯਤਨ ਕੀਤਾ।