ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਅਤੇ ਹਾਲੇ ਤੱਕ ਰਿਹਾਅ ਨਾ ਕੀਤੇ ਜਾਣ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ। ਕਿਸਾਨ ਆਗੂਆਂ ਨੇ ਵੀਰਵਾਰ ਨੂੰ ਖਨੌਰੀ ਸਰਹੱਦ ਵਿਖੇ ਮੀਟਿੰਗ ਕਰਕੇ ਐਲਾਨ ਕੀਤਾ ਕਿ 1 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਇਸੇ ਦਿਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਪੁਤਲੇ ਵੀ ਫੂਕੇ ਜਾਣਗੇ।
ਇੰਨਾ ਹੀ ਨਹੀਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਡੀਐਮਸੀ ਲੁਧਿਆਣਾ ਦਾ ਘਿਰਾਓ ਵੀ ਕੀਤਾ ਜਾਵੇਗਾ। ਕਿਸਾਨਾਂ ਨੇ ਮੰਗ ਕੀਤੀ ਕਿ ਡੱਲੇਵਾਲ ਨੂੰ ਜਲਦੀ ਮੋਰਚੇ ’ਤੇ ਲਿਆਂਦਾ ਜਾਵੇ। ਦੂਜੇ ਪਾਸੇ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡਾ ਦਾ ਮਰਨ ਵਰਤ ਵੀਰਵਾਰ ਨੂੰ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ। ਕਿਸਾਨਾਂ ਨੇ ਦਾਅਵਾ ਕੀਤਾ ਕਿ ਡੱਲੇਵਾਲ ਨੇ ਡੀਐਮਸੀ ਵਿੱਚ ਖਾਣਾ ਵੀ ਛੱਡ ਦਿੱਤਾ ਹੈ।