7 ਮਾਰਚ 2024: ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ 13 ਫਰਵਰੀ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਬੁੱਧਵਾਰ ਨੂੰ 23ਵੇਂ ਦਿਨ ਵੀ ਜਾਰੀ ਰਿਹਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਘੁਮਾਣਾ, ਅਮਰਜੀਤ ਸਿੰਘ ਰਾੜਾ, ਸਤਨਾਮ ਸਿੰਘ ਬਾਗੜੀ ਅਤੇ ਅਸ਼ੋਕ ਬਲਹਾਰਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਦੱਸਿਆ ਹੈ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚੇ ਵਿੱਚ ਪਹੁੰਚਣਗੀਆਂ ਅਤੇ ਕੌਮਾਂਤਰੀ ਮਹਿਲਾ ਦਿਵਸ ਵਿੱਚ ਭਾਗ ਲੈਣਗੀਆਂ। ਉਨ੍ਹਾਂ ਨੇ ਕਿਹਾ ਕਿ ਮੰਡਲ ਆਰਮੀ ਦਾ ਇੱਕ ਸਮੂਹ ਪਹਿਲਾਂ ਹੀ ਉਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਵਿੱਚ ਰੇਲ ਰਾਹੀਂ ਕਰੀਬ 3.30 ਵਜੇ ਜੰਤਰ-ਮੰਤਰ ਪੁੱਜ ਚੁੱਕਾ ਹੈ ਅਤੇ 6 ਮਾਰਚ ਤੋਂ ਦਿੱਲੀ ’ਚ ਇਕੱਠੇ ਹੋਣ ਦਾ ਐਲਾਨ ਕੀਤਾ ਗਿਆ ਹੈ। ਰਾਜਸਥਾਨ ਦੇ 12 ਜ਼ਿਲ੍ਹਿਆਂ ਤੋਂ ਕਿਸਾਨ ਆਗੂ ਧਰਮਾ ਧਾਕੜ ਅਤੇ ਉਨ੍ਹਾਂ ਦੇ 50 ਹੋਰ ਸਾਥੀਆਂ ਨੂੰ ਦੇਰ ਰਾਤ ਰਾਜਸਥਾਨ ਵਿੱਚ ਭਾਜਪਾ ਦੇ ਕਹਿਣ ’ਤੇ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਹੁਣ ਵੀ ਪੁਲਿਸ ਹਿਰਾਸਤ ਵਿੱਚ ਹਨ।
ਕਰਨਾਟਕ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ, ਤੇਲੰਗਾਨਾ ਅਤੇ ਮਹਾਰਾਸ਼ਟਰ ਤੋਂ ਹੀ ਲੋਕ ਰੇਲ ਗੱਡੀਆਂ ਰਾਹੀਂ ਨਿੱਕਲੇ ਹਨ ਪਰ ਹੁਣ ਜੰਤਰ-ਮੰਤਰ ’ਤੇ ਸਰਕਾਰ ਨੇ ਧਾਰਾ 144 ਲਾਈ ਹੋਈ ਹੈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਭਾਜਪਾ ਸਰਕਾਰ ਤੋਂ ਪੁੱਛਿਆ ਕਿ ਜਿਹੜੇ ਲੋਕ ਰੇਲ ਗੱਡੀਆਂ ਦੇ ਰਾਹੀਂ ਦਿੱਲੀ ਜਾਣਾ ਚਾਹੁੰਦੇ ਹਨ ਉਨ੍ਹਾਂ ਨੂੰ ਭਾਜਪਾ ਦਿੱਲੀ ਜਾਣ ਦੀ ਇਜਾਜ਼ਤ ਕਿਉਂ ਨਹੀਂ ਦੇ ਰਹੀ। ਇਸ ਤੋਂ 2 ਗੱਲਾਂ ਸਾਫ ਹਨ ਕਿ ਇੱਕ ਪਾਸੇ ਕਿਸਾਨਾਂ ਨੂੰ ਦਿੱਲੀ ਨਹੀਂ ਆਉਣ ਦੇਣਾ ਚਾਹੁੰਦੀ ਅਤੇ ਦੂਜੇ ਪਾਸੇ ਕਿਸਾਨ ਅੰਦੋਲਨ ਸਿਰਫ ਪੰਜਾਬ ‘ਚ ਹੀ ਨਹੀ ਸਗੋਂ ਪੂਰੇ ਭਾਰਤ ’ਚ ਫੈਲ ਚੁੱਕਾ ਹੈ।
ਉਨ੍ਹਾਂ ਨੇ ਦੱਸਿਆ ਹੈ ਕਿ 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ, ਪੰਜਾਬ ਅਤੇ ਪੰਜਾਬ ਦੇ 23 ਜ਼ਿਲ੍ਹਿਆਂ ਸਣੇ ਪੂਰੇ ਭਾਰਤ ਅੰਦਰ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।