ਖ਼ਾਲਸਾ ਸਾਜਨਾ ਦਿਵਸ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਦਾ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਦੱਸ ਦੇਈਏ ਕਿ ਇਸ ਵਾਰ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਪੰਜਾਬ ਪੁਲਸ ਵੀ ਕਾਫ਼ੀ ਮੁਸਤੈਦ ਹੈ ਤੇ ਦਮਦਮਾ ਸਾਹਿਬ ਵਿਖੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਅਮਨ-ਸ਼ਾਂਤੀ ਨੂੰ ਭੰਗ ਨਾ ਕਰ ਸਕੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ਕਿ ਉਹ ਹੁੰਮ-ਹੁੰਮਾ ਕੇ ਗੁਰੂਘਰ ਵਿਖੇ ਨਤਮਸਤਕ ਹੋਣ ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸੰਗਤ ਨੂੰ ਦਸਵੇਂ ਗੁਰੂ ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਪਾਵਨ ਸ਼ਸ਼ਤਰਾਂ ਦੇ ਦਰਸ਼ਨ ਕਰਵਾਏ ਗਏ। ਸੰਬੋਧਨ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਕਿਹਾ ਕਿ ਅੱਜ ਸ੍ਰੀ ਸਾਹਿਬ ਸਾਡੀ ਪਰੰਪਰਾ ਦਾ ਹਿੱਸਾ ਹੈ ਪਰ ਜਿਨ੍ਹਾਂ ਨੂੰ ਇਸਦੀ ਅਹਿਮੀਅਤ ਨਹੀਂ ਪਤਾ ਉਹ ਸ੍ਰੀ ਸਾਹਿਬ ‘ਤੇ ਵੀ ਪਾਬੰਦੀਆਂ ਲਗਾਉਣ ਦੀ ਗੱਲ ਕਰ ਰਹੇ ਹਨ।