9 ਅਪ੍ਰੈਲ 2024: ਪੰਜਾਬ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਲੰਧਰ ਤੋਂ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਦੀ ਟਿਕਟ ਕੱਟ ਕੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਜਾ ਰਹੀ ਹੈ, ਜਿਸ ਕਾਰਨ ਬਿਕਰਮ ਨੇ ਬਾਗ਼ੀ ਰੁਖ਼ ਅਖ਼ਤਿਆਰ ਕਰ ਲਿਆ ਹੈ।
ਬਿਕਰਮ ਚੌਧਰੀ ਇਸ ਸਮੇਂ ਫਿਲੌਰ ਤੋਂ ਵਿਧਾਇਕ ਹਨ ਅਤੇ ਉਨ੍ਹਾਂ ਦੇ ਪਿਤਾ ਸੰਤੋਖ ਚੌਧਰੀ ਦੋ ਵਾਰ ਜਲੰਧਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਉਨ੍ਹਾਂ ਦੀ ਪਿਛਲੇ ਸਾਲ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮਰਹੂਮ ਚੌਧਰੀ ਸੰਤੋਖ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦਿੱਤੀ ਗਈ ਪਰ ‘ਆਪ’ ਦੇ ਸੁਸ਼ੀਲ ਰਿੰਕੂ ਨੇ ਜਲੰਧਰ ਸੰਸਦੀ ਉਪ ਚੋਣ 58 ਹਜ਼ਾਰ ਵੋਟਾਂ ਨਾਲ ਜਿੱਤੀ ਅਤੇ ਕਰਮਜੀਤ ਕੌਰ ਚੌਧਰੀ ਇੱਥੋਂ ਹਾਰ ਗਏ।
ਇਸ ਵਾਰ ਫਿਰ ਚੌਧਰੀ ਪਰਿਵਾਰ ਜਲੰਧਰ ਤੋਂ ਟਿਕਟ ਦੀ ਮੰਗ ਕਰ ਰਿਹਾ ਸੀ ਪਰ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਲਈ ਬਿਕਰਮ ਚੌਧਰੀ ਨੇ ਬਾਗੀ ਸੁਰ ਅਪਣਾਇਆ ਹੈ। ਅਜੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਚੰਨੀ ਖਿਲਾਫ ਬਿਆਨ ਦਿੱਤਾ ਸੀ ਕਿ ਉਹ ਸੀਐਮ ਹੋਣ ਦੇ ਬਾਵਜੂਦ ਦੋਵੇਂ ਸੀਟਾਂ ਤੋਂ ਹਾਰ ਗਏ ਹਨ, ਉਨ੍ਹਾਂ ਨੂੰ ਆਪਣਾ ਘਰ ਮਜ਼ਬੂਤ ਕਰਨਾ ਚਾਹੀਦਾ ਹੈ। ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜਲੰਧਰ ‘ਚ ਕਈ ਮੀਟਿੰਗਾਂ ਕੀਤੀਆਂ, ਜਿਸ ਤੋਂ ਸਪੱਸ਼ਟ ਹੋ ਗਿਆ ਕਿ ਹੁਣ ਚੰਨੀ ਨੂੰ ਜਲੰਧਰ ਲਈ ਫਾਈਨਲ ਕਰ ਦਿੱਤਾ ਗਿਆ ਹੈ। ਜਿਸ ਕਾਰਨ ਚੌਧਰੀ ਪਰਿਵਾਰ ਨੇ ਬਾਗੀ ਰੁਖ ਅਖ਼ਤਿਆਰ ਕਰ ਲਿਆ ਹੈ।
ਬਿਕਰਮ ਨੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੀਐਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਚੌਧਰੀ ਬਾਜਵਾ ਦੇ ਕਰੀਬੀ ਮੰਨੇ ਜਾਂਦੇ ਹਨ।