ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਆਪਣੀ ਹੀ ਪਾਰਟੀ ਅੰਦਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਨੇ ਟਰੂਡੋ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਣ ਲਈ 28 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ। ਨਾਰਾਜ਼ ਆਗੂਆਂ ਨੇ ਟਰੂਡੋ ਨੂੰ ਕਿਹਾ ਕਿ ਉਹ ਜਾਂ ਤਾਂ ਅਹੁਦਾ ਛੱਡ ਦੇਣ ਜਾਂ ਬਗਾਵਤ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਮੀਡੀਆ ਰਿਪੋਰਟਾਂ ਮੁਤਾਬਕ ਟਰੂਡੋ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਨੇ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਉਨ੍ਹਾਂ ਨੇ ਮੰਗ ਪੱਤਰ ‘ਤੇ ਦਸਤਖਤ ਵੀ ਕੀਤੇ ਹਨ। ਸੰਸਦ ਮੈਂਬਰਾਂ ਦੇ ਦਸਤਖਤ ਕੀਤੇ ਇਸ ਮੰਗ ਪੱਤਰ ਨੂੰ ਅਜੇ ਤੱਕ ਜਨਤਕ ਨਹੀਂ ਕੀਤਾ ਗਿਆ ਹੈ। ਇਸ ਪੱਤਰ ਵਿੱਚ ਸੰਸਦ ਮੈਂਬਰਾਂ ਨੇ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿੱਚ ਹਾਰ ਦੇ ਖਤਰੇ ਦੇ ਮੱਦੇਨਜ਼ਰ ਟਰੂਡੋ ਤੋਂ ਚੋਣਾਂ ਤੋਂ ਪਹਿਲਾਂ ਅਸਤੀਫਾ ਦੇਣ ਦੀ ਮੰਗ ਕੀਤੀ ਹੈ।
ਸੰਸਦ ਮੈਂਬਰਾਂ ਨੇ ਟਰੂਡੋ ਨੂੰ ਚੌਥੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣ ਨਾ ਲੜਨ ਲਈ ਕਿਹਾ ਹੈ। ਪਿਛਲੇ 100 ਸਾਲਾਂ ਵਿੱਚ ਕੋਈ ਵੀ ਕੈਨੇਡੀਅਨ ਆਗੂ ਚੌਥੀ ਵਾਰ ਚੋਣ ਨਹੀਂ ਜਿੱਤਿਆ ਹੈ।
ਟਰੂਡੋ ਸਾਹਮਣੇ ਇਹ ਚੁਣੌਤੀ ਅਜਿਹੇ ਸਮੇਂ ‘ਚ ਆਈ ਹੈ ਜਦੋਂ ਉਨ੍ਹਾਂ ਦੀ ਸਰਕਾਰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਨਾਲ ਵੱਡੇ ਕੂਟਨੀਤਕ ਤਣਾਅ ‘ਚ ਉਲਝੀ ਹੋਈ ਹੈ।