ਕਿਸਾਨਾਂ ਦੇ ਸਮਰਥਨ ਵਿੱਚ ਅੱਜ (ਸੋਮਵਾਰ) ਪੰਜਾਬ ਬੰਦ ਰੱਖਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਮੰਗਾਂ ਦੇ ਹੱਕ ਵਿੱਚ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਹੈ। ਪੰਜਾਬ ਬੰਦ ਕਾਰਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਵਰਗ ਦਾ ਸਮਰਥਨ ਹਾਸਲ ਹੈ ਅਤੇ ਅੱਜ ਪੂਰਾ ਪੰਜਾਬ ਬੰਦ ਰਿਹਾ।
ਅੰਮ੍ਰਿਤਸਰ ਵਿੱਚ ਕਿਸਾਨਾਂ
ਦੇ ਧਰਨੇ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡਾ ਅੰਦੋਲਨ ਕੇਂਦਰ ਸਰਕਾਰ ਖ਼ਿਲਾਫ਼ ਹੈ। ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ।
ਪੰਧੇਰ ਨੇ ਕਿਹਾ ਕਿ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਖਨੌਰੀ ਵਿੱਚ ਐਂਬੂਲੈਂਸ ਤਾਇਨਾਤ ਕਰ ਦਿੱਤੀ ਗਈ ਹੈ। ਕਿਸਾਨ ਸਰਕਾਰ ਦੀ ਹਰ ਕੋਸ਼ਿਸ਼ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ ਹਨ। ਪੰਧੇਰ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ 3 ਕਰੋੜ ਪੰਜਾਬੀਆਂ ਨੂੰ ਵੰਗਾਰ ਰਿਹਾ ਹੈ। ਅਜਿਹਾ ਨਾ ਹੋਵੇ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਕਿਤੇ ਨਾ ਰਹੇ। ਬਹਿਬਲ ਕਲਾਂ ਕਾਂਡ ਤੋਂ ਵੀ ਵੱਡਾ ਘਪਲਾ ਹੋ ਸਕਦਾ ਹੈ। ਇਸ ਲਈ ਕੇਂਦਰ ਸਰਕਾਰ ਦਾ ਸਾਥ ਦੇਣਾ ਬੰਦ ਕਰੋ।