‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ਤੋਂ ਬਾਅਦ ਦਿੱਲੀ ‘ਚ ਸਿਆਸੀ ਜੰਗ ਛਿੜ ਗਈ ਹੈ। ਇਸ ਦੌਰਾਨ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਮੈਟਰੋ ‘ਚ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮੈਟਰੋ ਸਟੇਸ਼ਨ ਸਮੇਤ ਮੈਟਰੋ ਦੇ ਅੰਦਰ ਕਈ ਥਾਵਾਂ ‘ਤੇ ਕੇਜਰੀਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਲਿਖੀਆਂ ਗਈਆਂ ਹਨ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਗੰਭੀਰ ਦੋਸ਼ ਲਗਾਏ ਹਨ।
ਆਮ ਆਦਮੀ ਪਾਰਟੀ ਦੇ ਐਕਸ ਹੈਂਡਲ ਤੋਂ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਨਤਕ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ। ਪੀਐਮਓ, ਭਾਜਪਾ ਅਤੇ ਨਰਿੰਦਰ ਮੋਦੀ ਦੇ ਇਸ਼ਾਰੇ ‘ਤੇ ਰਾਜੀਵ ਚੌਕ, ਪਟੇਲ ਨਗਰ ਮੈਟਰੋ ਸਟੇਸ਼ਨ ‘ਤੇ ਧਮਕੀ ਪੱਤਰ ਲਿਖਿਆ ਗਿਆ ਹੈ।
ਜੇਕਰ ਅਰਵਿੰਦ ਕੇਜਰੀਵਾਲ ਨੂੰ ਕੁਝ ਹੁੰਦਾ ਹੈ ਤਾਂ ਇਸਦੇ ਲਈ ਸਿੱਧੇ ਤੌਰ ‘ਤੇ ਭਾਜਪਾ ਅਤੇ ਨਰਿੰਦਰ ਮੋਦੀ ਜ਼ਿੰਮੇਵਾਰ ਹੋਣਗੇ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਮੰਤਰੀ ਆਤਿਸ਼ੀ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ। ਦੋਵਾਂ ਨੇਤਾਵਾਂ ਨੇ ਭਾਜਪਾ ‘ਤੇ ਹਮਲਾ ਬੋਲਿਆ ਹੈ।