26 ਮਾਰਚ 2024: ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅੱਜ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ‘ਆਪ’ ਵਰਕਰਾਂ ਦਾ ਪ੍ਰਦਰਸ਼ਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਹੈ। ਭਾਜਪਾ ਵਰਕਰਾਂ ਦੀ ਮੰਗ ਹੈ ਕਿ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ।
‘ਆਪ’ ਅੱਜ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਇਸ ਕਾਰਨ ਪ੍ਰਧਾਨ ਮੰਤਰੀ ਨਿਵਾਸ ਦੇ ਆਲੇ-ਦੁਆਲੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਕੇਜਰੀਵਾਲ ਨੂੰ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹੈ।
ਅੱਜ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਤੋਂ ਦੂਜਾ ਸਰਕਾਰੀ ਹੁਕਮ ਜਾਰੀ ਕੀਤਾ। ‘ਆਪ’ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਨੇ ਸਿਹਤ ਮੰਤਰਾਲੇ ਨੂੰ ਹਦਾਇਤ ਕੀਤੀ ਹੈ ਕਿ ਮੁਹੱਲਾ ਕਲੀਨਿਕਾਂ ਵਿੱਚ ਗਰੀਬਾਂ ਲਈ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
ਕੇਜਰੀਵਾਲ ਨੇ 24 ਮਾਰਚ ਨੂੰ ਜਲ ਮੰਤਰਾਲੇ ਦੇ ਨਾਂ ‘ਤੇ ਪਹਿਲਾ ਸਰਕਾਰੀ ਆਦੇਸ਼ ਜਾਰੀ ਕੀਤਾ ਸੀ। ਉਨ੍ਹਾਂ ਨੇ ਜਲ ਮੰਤਰੀ ਆਤਿਸ਼ੀ ਨੂੰ ਦਿੱਲੀ ਵਿੱਚ ਜਿੱਥੇ ਪਾਣੀ ਦੀ ਕਮੀ ਹੈ, ਉੱਥੇ ਟੈਂਕਰਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ‘ਚ ਪੇਸ਼ੀ ਸਮੇਂ ਉਨ੍ਹਾਂ ਕਿਹਾ ਸੀ ਕਿ ਉਹ ਅਸਤੀਫਾ ਨਹੀਂ ਦੇਣਗੇ ਅਤੇ ਜੇ ਲੋੜ ਪਈ ਤਾਂ ਜੇਲ੍ਹ ‘ਚੋਂ ਹੀ ਸਰਕਾਰ ਚਲਾਉਣਗੇ।