ਦਿੱਲੀ ਦੇ ਮੰਤਰੀ ਆਤਿਸ਼ੀ ਨੂੰ ਵੀਰਵਾਰ ਸਵੇਰੇ LNJP ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਆਤਿਸ਼ੀ ਦਿੱਲੀ ‘ਚ ਪਾਣੀ ਦੇ ਸੰਕਟ ਦੇ ਖਿਲਾਫ ਵਰਤ ‘ਤੇ ਸਨ ਅਤੇ ਉਨ੍ਹਾਂ ਦੀ ਸਿਹਤ ਖਰਾਬ ਹੋਣ ‘ਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਆਤਿਸ਼ੀ ਨੂੰ ਸਵੇਰੇ 10.30 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਜਲ ਮੰਤਰੀ ਆਤਿਸ਼ੀ ਹਰਿਆਣਾ ਤੋਂ ਦਿੱਲੀ ਦੇ ਹਿੱਸੇ ਦੇ ਪਾਣੀ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਸਨ।
ਪੰਜਵੇਂ ਦਿਨ ਆਤਿਸ਼ੀ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ ਅਤੇ ਬਲੱਡ ਸ਼ੂਗਰ ਦਾ ਪੱਧਰ ਡਿੱਗਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਸ ਨੂੰ ਪਹਿਲਾਂ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਬਾਅਦ ਵਿੱਚ ਉਸ ਦੀ ਹਾਲਤ ਵਿੱਚ ਸੁਧਾਰ ਹੋਣ ਕਾਰਨ ਉਸ ਨੂੰ ਜਨਰਲ ਵਾਰਡ ਵਿੱਚ ਭੇਜ ਦਿੱਤਾ ਗਿਆ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੀ ਨੇਤਾ ਵਰਿੰਦਾ ਕਰਤ ਨੇ ਬੁੱਧਵਾਰ ਨੂੰ ਹਸਪਤਾਲ ‘ਚ ਆਤਿਸ਼ੀ ਨਾਲ ਮੁਲਾਕਾਤ ਕੀਤੀ ਸੀ।