ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਪਲਾਟ ਨੰਬਰ 1-15, ਸੈਕਟਰ-101, ਅਲਫ਼ਾ ਆਈ.ਟੀ. ਸਿਟੀ, ਐੱਸ.ਏ.ਐੱਸ. ਨਗਰ ਵਿਖੇ ਸਿਖਲਾਈ ਦੇਣ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਕੇਂਦਰ ਸਥਾਪਤ ਕੀਤਾ ਗਿਆ ਹੈ। ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਇਸ ਸੈਂਟਰ ਦਾ ਨਿਰੀਖਣ ਕੀਤਾ ਅਤੇ ਉਥੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ।