ਪਸ਼ੂ ਪਾਲਣ ਵਿਭਾਗ ਦੇ ਵਿੱਚ ਬਤੌਰ ਏਆਈ (ਬਨਾਉਟੀ ਗਰਭਧਾਰਨ) ਦਾ ਕੰਮ ਕਰਦੇ ਵਰਕਰ ਵੱਲੋਂ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਰਬਜੀਤ ਸਿੰਘ ਅਜਲਾਣਾ ਨੇ ਦੱਸਿਆ ਕਿ ਏਆਈ ਵਰਕਰ ਲਗਪਗ ਪਿਛਲੇ 13 ਸਾਲਾਂ ਤੋਂ ਪਸ਼ੂ ਪਾਲਣ ਵਿਭਾਗ ਵਿਚ ਏਆਈ ਤੇ ਵੈਕਸੀਨ ਦਾ ਕੰਮ ਕਰਦੇ ਆ ਰਹੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਵੋਟਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕੀਤਾ ਜਾਵੇਗਾ ਪਰ ਇਹ ਸਿਰਫ਼ ਲਾਰੇ ਹੀ ਬਣੇ ਰਹੇ। ਇਹ ਸਰਕਾਰ ਵੀ ਪਹਿਲਾਂ ਦੀ ਕਾਂਗਰਸ ਤੇ ਅਕਾਲੀਆਂ ਦੀ ਸਰਕਾਰ ਵਾਂਗ ਲਾਰੇ ਲਾ ਕੇ ਹੀ ਡੰਗ ਟਪਾ ਰਹੀ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ ਉੱਥੇ ਵਿਭਾਗਾਂ ਵਿਚ ਕੰਮ ਕਰ ਰਹੇ ਮੁਲਾਜ਼ਮਾ ਨੂੰ ਸਰਕਾਰ ਅੱਖੋਂ ਪਰੋਖੇ ਕਰ ਰਹੀ ਹੈ।