ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿੱਚ ਸੋਮਵਾਰ ਰਾਤ ਨਜਾਇਜ਼ ਸਬੰਧਾਂ ਕਾਰਨ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (35) ਵਜੋਂ ਹੋਈ ਹੈ। ਇਸ ਮਾਮਲੇ ‘ਚ ਪੁਲਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਸਮੇਤ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਮਚਾਕੀ ਕਲਾਂ ਦੇ ਇਸੇ ਪਿੰਡ ਦੇ ਹੀ ਰਹਿਣ ਵਾਲੇ ਕੁਲਵੰਤ ਸਿੰਘ ਉਰਫ਼ ਮੋਟਾ ਨਾਲ ਨਾਜਾਇਜ਼ ਸਬੰਧ ਸਨ। ਇਸ ਦੇ ਲਈ ਕੁਲਦੀਪ ਸਿੰਘ ਆਪਣੀ ਪਤਨੀ ਨੂੰ ਰੋਕਦਾ ਰਹਿੰਦਾ ਸੀ। ਅਜਿਹੇ ‘ਚ ਕੁਲਦੀਪ ਸਿੰਘ ਨੂੰ ਆਪਣੇ ਰਸਤੇ ਤੋਂ ਹਟਾਉਣ ਲਈ ਸੋਮਵਾਰ ਰਾਤ ਕੁਲਵੰਤ ਸਿੰਘ ਮੋਟਾ ਅਤੇ ਅਮਨਦੀਪ ਕੌਰ ਨੇ ਆਪਣੇ ਇਕ ਹੋਰ ਸਾਥੀ ਅਕਾਸ਼ਦੀਪ ਸਿੰਘ ਨਾਲ ਮਿਲ ਕੇ ਕੁਲਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕੁਲਵੰਤ ਸਿੰਘ ਨੇ ਪੁਲੀਸ ਕੰਟਰੋਲ ਰੂਮ ’ਤੇ ਫੋਨ ਕਰਕੇ ਕਤਲ ਦੀ ਸੂਚਨਾ ਦਿੱਤੀ ਪਰ ਜਦੋਂ ਪੁਲੀਸ ਮੌਕੇ ’ਤੇ ਪੁੱਜੀ ਤਾਂ ਉਹ ਆਪਣਾ ਫੋਨ ਬੰਦ ਕਰਕੇ ਮੌਕੇ ਤੋਂ ਫਰਾਰ ਹੋ ਚੁੱਕਾ ਸੀ। ਇਸ ਮਾਮਲੇ ਵਿੱਚ ਡੀਐਸਪੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ’ਤੇ ਪੁਲੀਸ ਨੇ ਮ੍ਰਿਤਕ ਕੁਲਦੀਪ ਦੀ ਪਤਨੀ ਅਮਨਦੀਪ ਕੌਰ, ਉਸ ਦੇ ਪ੍ਰੇਮੀ ਕੁਲਵੰਤ ਸਿੰਘ ਮੋਟਾ ਅਤੇ ਇੱਕ ਹੋਰ ਅਕਾਸ਼ਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।