ਪੰਜਾਬ ਵਿੱਚ ਗਰਮੀ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਅਗਲੇ ਤਿੰਨ ਦਿਨਾਂ ਦੌਰਾਨ ਗਰਮੀ ਦੀ ਤੀਬਰਤਾ ਵਿੱਚ ਹੌਲੀ-ਹੌਲੀ ਕਮੀ ਆਵੇਗੀ।
ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਤੋਂ ਕੁਝ ਰਾਹਤ ਮਿਲਣ ਨਾਲ ਪਾਰਾ ਹੁਣ 45.1 ਡਿਗਰੀ ਤੱਕ ਪਹੁੰਚ ਗਿਆ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 2.2 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 0.7 ਡਿਗਰੀ ਹੇਠਾਂ ਆ ਗਿਆ। ਵੱਧ ਤੋਂ ਵੱਧ ਪਾਰਾ ਆਮ ਨਾਲੋਂ 3 ਡਿਗਰੀ ਵੱਧ ਅਤੇ ਘੱਟੋ-ਘੱਟ 1.6 ਡਿਗਰੀ ਵੱਧ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਪੰਜਾਬ ‘ਚ ਕਈ ਥਾਵਾਂ ‘ਤੇ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਪਾਰਾ ਹੋਰ ਡਿੱਗਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਵਿੱਚ 1.7 ਮਿਲੀਮੀਟਰ ਅਤੇ ਬਰਨਾਲਾ ਵਿੱਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਹਵਾਵਾਂ ਵੀ ਚੱਲ ਰਹੀਆਂ ਹਨ।