19 ਅਕਤੂਬਰ 2024: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਚੰਡੀਗੜ੍ਹ ਵਿਖੇ ਕਿਸਾਨਾਂ ਨਾਲ ਸਬੰਧਤ ਤਿੰਨ ਮੁੱਦਿਆਂ ’ਤੇ ਪੰਜਾਬ ਦੇ ਹਾਲਾਤ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਸਟੋਰੇਜ, ਮਾੜੀ ਹਾਲਤ ਅਤੇ ਮਿੱਲ ਮਾਲਕਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਸਟੋਰੇਜ ਸਬੰਧੀ ਕੋਈ ਸਮੱਸਿਆ ਨਹੀਂ ਹੈ ਅਤੇ ਦਸੰਬਰ ਤੱਕ 25 ਐਮ.ਟੀ.ਏ ਤੋਂ ਵੱਧ ਸਟੋਰੇਜ ਹੋ ਜਾਵੇਗੀ।
ਇਸ ਦੇ ਨਾਲ ਹੀ ਕਟਾਰੂਚੱਕ ਨੇ ਦੱਸਿਆ ਕਿ ਸ਼ੁੱਕਰਵਾਰ ਤੱਕ ਕਰੀਬ 18 ਲੱਖ 31 ਹਜ਼ਾਰ ਐਮਟੀਏ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚ ਚੁੱਕਾ ਹੈ ਅਤੇ ਇਸ ਵਿੱਚੋਂ ਕਰੀਬ 16 ਲੱਖ 37 ਹਜ਼ਾਰ ਐਮਟੀਏ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਨਾਲ ਮੰਡੀਆਂ ਵਿੱਚੋਂ 2 ਲੱਖ 62 ਹਜ਼ਾਰ ਮੀਟਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਝੋਨਾ ਮੰਡੀ ਵਿੱਚ ਆ ਰਿਹਾ ਹੈ, ਉਸ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਦੀ ਅਦਾਇਗੀ ਕਿਸਾਨਾਂ ਨੂੰ ਸਮੇਂ ਸਿਰ ਕੀਤੀ ਜਾ ਰਹੀ ਹੈ।