22 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੇ। ਕੇਜਰੀਵਾਲ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹਨ। ਮਾਨ ਦੁਪਹਿਰ 2 ਵਜੇ ਦੇ ਕਰੀਬ ਪ੍ਰੈਸ ਕਾਨਫਰੰਸ ਕਰਨਗੇ।
ਮੁੱਖ ਮੰਤਰੀ ਦਾ ਪਰਿਵਾਰ ਨਜ਼ਰਬੰਦ – ਸੌਰਭ ਭਾਰਦਵਾਜ
ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਨੇਤਾਵਾਂ ਅਤੇ ਵਰਕਰਾਂ ਨੇ ਭਾਜਪਾ ਖਿਲਾਫ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਪੁਲਸ ਨੇ ਕੈਬਨਿਟ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਹਿਰਾਸਤ ‘ਚ ਲੈ ਲਿਆ। ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਪੁਲੀਸ ਬੱਸ ਵਿੱਚ ਬਿਠਾ ਦਿੱਤਾ। ਨਜ਼ਰਬੰਦ ਕੀਤੇ ਜਾਣ ਤੋਂ ਬਾਅਦ ਸੌਰਭ ਭਾਰਦਵਾਜ ਨੇ ਕਿਹਾ, “ਅਸੀਂ ਸੁਪਰੀਮ ਕੋਰਟ ਦੇ ਸਾਹਮਣੇ ਕਹਾਂਗੇ ਕਿ ਅਰਵਿੰਦ ਕੇਜਰੀਵਾਲ ਨੂੰ ਆਪਣੇ ਵਕੀਲ ਅਤੇ ਪਰਿਵਾਰ ਨਾਲ ਮਿਲਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣਾ ਦਫ਼ਤਰੀ ਕੰਮ ਵੀ ਕਰਨ ਦਿੱਤਾ ਜਾਣਾ ਚਾਹੀਦਾ ਹੈ।” ਕੇਜਰੀਵਾਲ ਦੇ ਪਰਿਵਾਰ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ।
‘ਆਪ’ ਸਮਰਥਕਾਂ ਨੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
ਪਾਰਟੀ ਦੇ ਕਈ ਆਗੂ ਅਤੇ ਸਮਰਥਕ ਆਈਟੀਓ ਵਿਖੇ ‘ਆਪ’ ਅਤੇ ਭਾਜਪਾ ਦੇ ਦਫ਼ਤਰਾਂ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਨੇ ਇਲਾਕੇ ਵਿੱਚ ਧਾਰਾ 144 ਲਾਗੂ ਹੋਣ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਉੱਥੋਂ ਚਲੇ ਜਾਣ ਲਈ ਕਿਹਾ। ‘ਆਪ’ ਸਮਰਥਕਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਮਾਰਗ ‘ਤੇ ਬੈਰੀਕੇਡ ਲਗਾ ਕੇ ਆਵਾਜਾਈ ਨੂੰ ਰੋਕ ਦਿੱਤਾ ਹੈ।