ਪੰਜਾਬ ਸਰਕਾਰ ਨੇ ਡੀਐਸਪੀ ਰੈਂਕ ਦੇ ਅਧਿਕਾਰੀ ਨੂੰ ਕੀਤਾ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਨੂੰ ਗ੍ਰਹਿ ਵਿਭਾਗ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਡੀਐਸਪੀ ਖ਼ਿਲਾਫ਼ ਇਹ ਕਾਰਵਾਈ ਲਾਰੇਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਵਿੱਚ ਕੀਤੀ ਗਈ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵਿਭਾਗ ਵੱਲੋਂ ਕੀਤੀ ਗਈ ਇਹ ਪਹਿਲੀ ਵੱਡੀ ਕਾਰਵਾਈ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉੱਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਵੀ ਦਿੱਤੇ ਸਨ। ਇਸ ਸਬੰਧੀ ਹੁਕਮ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਇਸ ਗੱਲ ਨਾਲ ਸਹਿਮਤ ਹੈ ਕਿ ਗੁਰਸ਼ੇਰ ਸਿੰਘ ਸੰਧੂ ਨੇ ਸੀਆਈਏ ਖਰੜ ਦੀ ਹਿਰਾਸਤ ਵਿੱਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੌਰਾਨ ਕੀਤੀ ਦੁਰਵਿਵਹਾਰ ਅਤੇ ਡਿਊਟੀ ਵਿੱਚ ਅਣਗਹਿਲੀ ਦੇ ਨਤੀਜੇ ਵਜੋਂ ਪੰਜਾਬ ਪੁਲੀਸ ਦੇ ਅਕਸ ਨੂੰ ਗੰਭੀਰਤਾ ਨਾਲ ਢਾਹ ਲਾਈ ਹੈ। ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣਾ ਪੰਜਾਬ ਪੁਲਿਸ ਦੇ ਅਨੁਸ਼ਾਸਨ ਅਤੇ ਆਚਰਣ ਨਿਯਮਾਂ ਦੀ ਘੋਰ ਉਲੰਘਣਾ ਹੈ। ਇਸ ਲਈ ਭਾਰਤੀ ਸੰਵਿਧਾਨ ਦੀ ਧਾਰਾ 311 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਪਰੋਕਤ ਕਾਰਨਾਂ ਕਰਕੇ ਗੁਰਸ਼ੇਰ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਸ ਵਿਰੁੱਧ ਮੁਅੱਤਲੀ ਦੀ ਕਾਰਵਾਈ ਵੀ ਕੀਤੀ ਗਈ ਸੀ। ਹੁਕਮਾਂ ਵਿੱਚ ਕਿਹਾ ਗਿਆ ਸੀ ਕਿ ਉਸ ਵੱਲੋਂ ਚਾਰਜਸ਼ੀਟ ਵੀ ਸਵੀਕਾਰ ਨਹੀਂ ਕੀਤੀ ਗਈ, ਜਿਸ ਕਾਰਨ ਅਗਲੇਰੀ ਕਾਰਵਾਈ ਲਈ ਚਾਰਜਸ਼ੀਟ ਉਨ੍ਹਾਂ ਦੇ ਘਰ ਦੇ ਬਾਹਰ ਚਿਪਕਾਈ ਗਈ।
ਦੱਸ ਦੇਈਏ ਕਿ ਹਾਈਕੋਰਟ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਲਈ ਇੱਕ ਐਸਆਈਟੀ ਦਾ ਗਠਨ ਕੀਤਾ ਸੀ। ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਸਿਫ਼ਾਰਸ਼ ਕਰਨ ਦਾ ਫੈਸਲਾ ਵਿਸ਼ੇਸ਼ ਡੀਜੀਪੀ (ਮਨੁੱਖੀ ਅਧਿਕਾਰ) ਪ੍ਰਮੋਦ ਕੁਮਾਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀਆਂ ਸਿਫ਼ਾਰਸ਼ਾਂ ‘ਤੇ ਲਿਆ ਗਿਆ ਸੀ। ਐਸਆਈਟੀ ਨੇ ਪਾਇਆ ਕਿ ਵਿਵਾਦਿਤ ਇੰਟਰਵਿਊ ਮਾਰਚ 2023 ਵਿੱਚ ਪ੍ਰਸਾਰਿਤ ਕੀਤੀ ਗਈ ਸੀ। ਇਹ ਵੀਡੀਓ ਕਾਨਫਰੰਸ ਰਾਹੀਂ ਹੋਇਆ, ਜਦੋਂ ਬਿਸ਼ਨੋਈ 3-4 ਸਤੰਬਰ 2022 ਨੂੰ ਸੀਆਈਏ ਖਰੜ ਦੀ ਹਿਰਾਸਤ ਵਿੱਚ ਸੀ। ਉਸ ਸਮੇਂ ਗੁਰਸ਼ੇਰ ਡੀਐਸਪੀ (ਇਨਵੈਸਟੀਗੇਸ਼ਨ) ਸੀ। ਬਿਸ਼ਨੋਈ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਕਥਿਤ ਭੂਮਿਕਾ ਲਈ ਜਾਂਚ ਕੀਤੀ ਜਾ ਰਹੀ ਹੈ।