ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਦੀ ਜੇਲ ਇੰਟਰਵਿਊ ਮਾਮਲੇ ‘ਚ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਸਰਕਾਰ ਨੇ ਤਤਕਾਲੀ ਐਸਐਸਪੀ, ਐਸਪੀ, ਡੀਐਸਪੀ ਅਤੇ ਤਤਕਾਲੀ ਸੀਆਈਏ ਇੰਚਾਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਮਾਮਲੇ ਦੀ ਸੁਣਵਾਈ ਦੌਰਾਨ ਦਿੱਤੀ।
ਪੁਲਿਸ ਹਿਰਾਸਤ ਵਿੱਚ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਬਣਾਈ ਗਈ SIT ਨੇ ਖੁਲਾਸਾ ਕੀਤਾ ਹੈ ਕਿ ਉਸਦੀ ਪਹਿਲੀ ਇੰਟਰਵਿਊ ਸੀਆਈਏ (ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ) ਦੇ ਖਰੜ ਪੁਲਿਸ ਸਟੇਸ਼ਨ (ਮੁਹਾਲੀ) ਵਿੱਚ ਹੋਈ ਸੀ। ਸਤੰਬਰ 2022 ਵਿੱਚ ਰਿਕਾਰਡ ਕੀਤੀ ਗਈ ਇਹ ਇੰਟਰਵਿਊ ਸੱਤ ਮਹੀਨੇ ਬਾਅਦ ਮਾਰਚ 2023 ਵਿੱਚ ਜਾਰੀ ਕੀਤੀ ਗਈ ਸੀ। ਦੂਜੀ ਇੰਟਰਵਿਊ ਰਾਜਸਥਾਨ ਦੀ ਇੱਕ ਜੇਲ੍ਹ ਵਿੱਚ ਹੋਈ। SIT ਦੀ ਰਿਪੋਰਟ ਨੇ ਪੰਜਾਬ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੋਲ੍ਹ ਦਿੱਤੀ ਹੈ ਕਿ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਨਹੀਂ ਹੋਈ।