ਟ੍ਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ ‘ਚ ਬਲਾਗਰ ਭਾਨਾ ਸਿੱਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਮੋਹਾਲੀ ਕੋਰਟ ਨੇ ਭਾਨਾ ਸਿੱਧੂ ਨੂੰ ਵੱਡੀ ਰਾਹਤ ਦਿੱਤੀ ਹੈ। ਭਾਨਾ ਸਿੱਧੂ ਨੂੰ 50 ਹਜ਼ਾਰ ਰੁਪਏ ਦਾ ਮੁਚੱਲਕਾ ਭਰ ਕੇ ਰਿਹਾਅ ਕਰ ਦਿੱਤਾ ਗਿਆ ਹੈ।
ਇਕ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਭਾਨਾ ਸਿੱਧੂ ਉਰਫ ਕਾਕਾ ਸਿੱਧੂ ਖਿਲਾਫ ਪੁਲਸ ਨੂੰ ਧਮਕੀਆਂ ਦੇਣ ਅਤੇ ਬਲੈਕਮੇਲ ਕਰਨ ਦਾ ਮਾਮਲਾ ਦਰਜ ਕਰਵਾਇਆ ਹੈ। ਇਸ ਤੋਂ ਬਾਅਦ ਭਾਨਾ ਸਿੱਧੂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਭਾਨਾ ਸਿੱਧੂ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਕੇਸਾਂ ਤਹਿਤ ਸਬ ਜੇਲ੍ਹ ਮਾਲੇਰਕੋਟਲਾ ਵਿੱਚ ਬੰਦ ਸੀ, ਜਿਸ ਨੂੰ ਅੱਜ ਰਿਹਾਅ ਕਰ ਦਿੱਤਾ ਗਿਆ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਬਲਾਗਰ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਸੜਕਾਂ ‘ਤੇ ਉਤਰ ਆਈਆਂ ਸਨ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦਰਜਨਾਂ ਕਿਸਾਨ ਆਗੂਆਂ ਨੂੰ ਪੁਲੀਸ ਨੇ ਨਜ਼ਰਬੰਦ ਕਰ ਦਿੱਤਾ। ਪ੍ਰਸ਼ਾਸਨ ਵੱਲੋਂ ਭਾਨਾ ਸਿੱਧੂ ਨੂੰ ਛੇ ਦਿਨਾਂ ਵਿੱਚ ਰਿਹਾਅ ਕਰ ਦਿੱਤੇ ਜਾਣ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।