ਪੰਜਾਬ ਵਿਜੀਲੈਂਸ ਬਿਊਰੋ ਨੇ ਭਰੂਣ ਲਿੰਗ ਨਿਰਧਾਰਨ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਰੋਹ ਪੰਜਾਬ ਅਤੇ ਹਰਿਆਣਾ ਵਿੱਚ ਆਪਣਾ ਜਾਲ ਵਿਛਾ ਰਿਹਾ ਸੀ। ਵੱਡੀ ਗੱਲ ਇਹ ਹੈ ਕਿ ਇਸ ਗਰੋਹ ਵਿੱਚ ਉਸ ਟੀਮ ਦੇ ਮੈਂਬਰ ਵੀ ਸ਼ਾਮਲ ਹਨ, ਜਿਨ੍ਹਾਂ ਨੇ ਭਰੂਣ ਦਾ ਲਿੰਗ ਨਿਰਧਾਰਿਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਵਿਜੀਲੈਂਸ ਨੇ ਲਿੰਗ ਨਿਰਧਾਰਨ ਲਈ ਸਟਿੰਗ ਅਪਰੇਸ਼ਨ ਦੌਰਾਨ ਪੰਜਾਬ ਅਤੇ ਹਰਿਆਣਾ ਦੀ ਜੁਆਇੰਟ ਪ੍ਰੀ-ਕਨਸੈਪਸ਼ਨ ਐਂਡ ਪ੍ਰੀ-ਨੈਟਲ ਡਾਇਗਨੋਸਟਿਕ ਟੈਕਨੀਕ (ਪੀਸੀਪੀਐਨਡੀਟੀ) ਟੀਮ ਦੇ ਚਾਰ ਮੈਂਬਰਾਂ ਨੂੰ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਚਾਰਾਂ ਮੁਲਜ਼ਮਾਂ ਨੇ ਵੱਖ-ਵੱਖ ਕਲੀਨਿਕਾਂ ਵਿੱਚ ਗੈਰ-ਕਾਨੂੰਨੀ ਅਲਟਰਾਸਾਊਂਡ ਭਰੂਣ ਲਿੰਗ ਨਿਰਧਾਰਨ ਲਈ ਰਿਸ਼ਵਤ ਲੈਣ ਲਈ ਪੰਜਾਬ ਅਤੇ ਹਰਿਆਣਾ ਵਿੱਚ ਨਿੱਜੀ ਵਿਅਕਤੀਆਂ ਨਾਲ ਮਿਲ ਕੇ ਇੱਕ ਅੰਤਰਰਾਜੀ ਗਰੋਹ ਬਣਾਇਆ ਸੀ।