ਅਧਿਆਪਕ ਦਿਵਸ ਮੌਕੇ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਿਵਲ ਸਰਵਿਸ ਰੂਲਜ਼ ਅਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨਿਵਾਸ ਵੱਲ ਵਧਣ ਦੀ ਕੋਸ਼ਿਸ਼ ਦੌਰਾਨ ਕੰਪਿਊਟਰ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਧੱਕਾ-ਮੁੱਕੀ ਹੋਈ।
ਕਰੀਬ ਵੀਹ ਮਿੰਟ ਤੱਕ ਚੱਲੇ ਇਸ ਤਕਰਾਰ ਵਿੱਚ ਕੰਪਿਊਟਰ ਅਧਿਆਪਕਾਂ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਲੱਥ ਗਈਆਂ, ਜਦੋਂਕਿ ਦੋਵਾਂ ਧਿਰਾਂ ਦੇ ਕਈ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਪੁਲਿਸ ਨੂੰ ਧੱਕਾ ਦੇ ਕੇ ਕੰਪਿਊਟਰ ਅਧਿਆਪਕ ਲੋਹੇ ਦੇ ਬੈਰੀਕੇਡਾਂ ’ਤੇ ਪਹੁੰਚ ਗਏ, ਜਿੱਥੇ ਅਧਿਆਪਕਾਂ ਨੇ ਦੋ ਲੇਅਰ ਬੈਰੀਕੇਡਾਂ ਨੂੰ ਉਖਾੜਨ ਦੀ ਕੋਸ਼ਿਸ਼ ਕੀਤੀ। ਬੇਸ਼ੱਕ ਜਦੋਂ ਬੈਰੀਕੇਡ ਉਖਾੜਿਆ ਗਿਆ ਤਾਂ ਪੁਲਿਸ ਨੇ ਪਾਣੀ ਦੀਆਂ ਤੋਪਾਂ ਦੀ ਮਦਦ ਨਾਲ ਕੰਪਿਊਟਰ ਅਧਿਆਪਕਾਂ ਨੂੰ ਖਦੇੜ ਦਿੱਤਾ। ਤਿੰਨ ਮਿੰਟ ਤੱਕ ਜਲ ਤੋਪਾਂ ਦੀ ਵਰਤੋਂ ਕੀਤੀ ਗਈ, ਜਿਸ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਨੇ ਸ਼ਾਂਤ ਹੋ ਕੇ ਮੁੱਖ ਮਾਰਗ ’ਤੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ। ਮੌਕੇ ’ਤੇ ਮੌਜੂਦ ਪ੍ਰਸ਼ਾਸਨ ਨੇ ਕੰਪਿਊਟਰ ਅਧਿਆਪਕਾਂ ਦੀ 11 ਸਤੰਬਰ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਕਰਵਾਈ।