ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਤੌਰ ਵਿਧਾਇਕ ਮਿਲੇ ਫਲੈਟ ਨੂੰ ਖਾਲੀ ਕਰਨ ਲਈ ਨੋਟਿਸ ਜਾਰੀ ਕਰ ਦਿੱਤਾ ਹੈ।
ਇੱਥੇ ਹੀ ਇਹ ਵੀ ਦੱਸਿਆ ਜਾਂਦਾ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੈਕਟਰ ਤਿੰਨ ਸਥਿਤ ਫਲੈਟ ਮਿਲਿਆ ਹੋਇਆ ਹੈ। ਵਿਧਾਨ ਸਭਾ ਸਕੱਤਰੇਤ ਨੇ ਜਾਰੀ ਕੀਤੇ ਨੋਟਿਸ ਵਿਚ ਕਿਹਾ ਕਿ ਹੁਣ ਤੁਸੀਂ ਵਿਧਾਇਕ ਅਤੇ ਇਸ ਸਦਨ ਦੇ ਮੈਂਬਰ ਨਹੀਂ ਰਹੇ ਇਸ ਲਈ 15 ਦਿਨਾਂ ਦੇ ਅੰਦਰ ਫਲੈਟ ਖਾਲੀ ਕੀਤਾ ਜਾਵੇ। ਜੇਕਰ ਅਜਿਹਾ ਨਹੀ ਹੁੰਦਾਂ ਤਾਂ 15 ਦਿਨਾਂ ਬਾਅਦ ਉਨ੍ਹਾਂ ਨੂੰ 160 ਗੁਣਾ ਜ਼ਿਆਦਾ ਕਿਰਾਇਆ ਦੇਣਾ ਪਵੇਗਾ। ਪਤਾ ਲੱਗਿਆ ਹੈ ਕਿ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਡੇਰਾ ਬਾਬਾ ਨਾਨਕ ਦੇ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾਂ ਨੂੰ ਵੀ ਨੋਟਿਸ ਜਾਰੀ ਕੀਤੇ ਜਾਣ ਦੀ ਖ਼ਬਰ ਹੈ। ਪਰ ਰੰਧਾਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ ਅਤੇ ਉਹ ਨੋਟਿਸ ਮਿਲਣ ਬਾਅਦ ਫਲੈਟ ਖਾਲੀ ਕਰ ਦੇਣਗੇ। ਦੱਸ ਦੇਈਏ ਕਿ ਡੇਰਾਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜੀ ਸੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਤੋਂ ਲੋਕ ਸਭਾ ਚੋਣ ਲੜੀ ਸੀ। ਸੰਸਦ ਮੈਂਬਰ ਬਣਨ ਤੋਂ ਬਾਅਦ ਦੋਵਾਂ ਆਗੂਆਂ ਨੇ 14 ਜੂਨ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫੇ ਸਪੀਕਰ ਨੂੰ ਸੌਂਪ ਦਿੱਤੇ ਸਨ।