ਇਕ ਦੇਸ਼, ਇਕ ਚੋਣ’ ‘ਤੇ ਉੱਚ ਪੱਧਰੀ ਕਮੇਟੀ ਦੀ ਰਿਪੋਰਟ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੇ ਸਾਹਮਣੇ ਰੱਖੀ ਗਈ। ਇਸ ਨੂੰ ਕੈਬਨਿਟ ਤੋਂ ਮਨਜ਼ੂਰੀ ਵੀ ਮਿਲ ਗਈ ਹੈ। ਕਿਹਾ ਜਾ ਰਿਹਾ ਹੈ ਕਿ ਸਰਕਾਰ ਇਸ ਨੂੰ ਆਉਣ ਵਾਲੇ ਸਰਦ ਰੁੱਤ ਸੈਸ਼ਨ ‘ਚ ਪੇਸ਼ ਕਰ ਸਕਦੀ ਹੈ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਮਾਰਚ ਵਿੱਚ ਇਹ ਰਿਪੋਰਟ ਪੇਸ਼ ਕੀਤੀ ਸੀ। ਕੈਬਨਿਟ ਦੇ ਸਾਹਮਣੇ ਰਿਪੋਰਟ ਪੇਸ਼ ਕਰਨਾ ਕਾਨੂੰਨ ਮੰਤਰਾਲੇ ਦੇ 100 ਦਿਨਾਂ ਦੇ ਏਜੰਡੇ ਦਾ ਹਿੱਸਾ ਸੀ।
ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ ‘ਤੇ ਕੋਵਿੰਦ ਕਮੇਟੀ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ। ਨਾਲੋ-ਨਾਲ ਚੋਣਾਂ ਕਰਵਾਉਣ ਲਈ ਕੋਵਿੰਦ ਕਮੇਟੀ ਨੂੰ ਵਿਆਪਕ ਸਮਰਥਨ ਮਿਲਿਆ ਹੈ। ਕੈਬਨਿਟ ਨੇ ਸਰਬਸੰਮਤੀ ਨਾਲ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਵਿੰਦ ਕਮੇਟੀ ਦੀਆਂ ਸਿਫ਼ਾਰਸ਼ਾਂ ‘ਤੇ ਭਾਰਤ ਭਰ ਦੇ ਵੱਖ-ਵੱਖ ਫੋਰਮਾਂ ‘ਤੇ ਚਰਚਾ ਕੀਤੀ ਜਾਵੇਗੀ। ਵੱਡੀ ਗਿਣਤੀ ਪਾਰਟੀਆਂ ਨੇ ਇੱਕੋ ਸਮੇਂ ਚੋਣਾਂ ਕਰਵਾਉਣ ਦਾ ਸਮਰਥਨ ਕੀਤਾ ਹੈ। ਅਸੀਂ ਅਗਲੇ ਕੁਝ ਮਹੀਨਿਆਂ ਵਿੱਚ ਇੱਕ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰਾਂਗੇ।