ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ‘ਆਪ’ ਆਗੂਆਂ ਖ਼ਿਲਾਫ਼ ਦਰਜ ਮਾਣਹਾਨੀ ਦੇ ਕੇਸ ਵਿੱਚ ਬਿਕਰਮ ਸਿੰਘ ਮਜੀਠੀਆ ਅਦਾਲਤ ਵਿੱਚ ਪੇਸ਼ ਹੋਏ ਪਰ ਰਾਜ ਸਭਾ ਮੈਂਬਰ ਸੰਜੇ ਸਿੰਘ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਹੁਣ ਮਾਮਲੇ ਦੀ ਅਗਲੀ ਤਰੀਕ ਤੈਅ ਕਰ ਦਿੱਤੀ ਗਈ ਹੈ। ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਨੇ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਮਾਹਿਰ ਵਕੀਲਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੇ ਮੈਨੂੰ ਦੱਸਿਆ ਕਿ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਣਾ ਜ਼ਿਆਦਾ ਜ਼ਰੂਰੀ ਹੈ। ਜਿਸ ਕਾਰਨ ਅੱਜ ਬਿਕਰਮ ਮਜੀਠੀਆ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਏ। ਮਾਣਹਾਨੀ ਮਾਮਲੇ ਦੀ ਅਗਲੀ ਤਰੀਕ 17 ਅਗਸਤ ਰੱਖੀ ਗਈ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਐਸਆਈਟੀ ਨੇ ਜਾਣਬੁੱਝ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਹੈ।
ਜ਼ਿਕਰਯੋਗ ਹੈ ਕਿ ਅੱਜ ਬਿਕਰਮ ਮਜੀਠੀਆ ਨੂੰ ਐਸਆਈਟੀ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਹਾਲਾਂਕਿ, ਜਦੋਂ ਐਸਆਈਟੀ ਨੇ ਪਹਿਲਾਂ ਸੰਮਨ ਜਾਰੀ ਕੀਤੇ ਸਨ, ਤਾਂ ਅਕਾਲੀ ਦਲ ਨੇ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ। ਇਸ ਤੋਂ ਪਹਿਲਾਂ ਜਦੋਂ SIT ਨੇ ਪਿਛਲੇ ਮਹੀਨੇ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਸੀ ਤਾਂ ਮਜੀਠੀਆ ਨੇ ਇਸ ਦੇ ਖਿਲਾਫ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਸ ਨੇ ਅਦਾਲਤ ਵਿੱਚ ਕਿਹਾ ਸੀ ਕਿ ਉਸ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ 8 ਜੁਲਾਈ ਨੂੰ ਐਸਆਈਟੀ ਨੇ ਸੰਮਨ ਵਾਪਸ ਲੈ ਲਏ। ਬਾਅਦ ‘ਚ ਮਜੀਠੀਆ ਨੂੰ ਮੁੜ ਸੰਮਨ ਜਾਰੀ ਕੀਤੇ ਗਏ, ਜਿਸ ਲਈ ਉਨ੍ਹਾਂ ਨੂੰ ਅੱਜ ਪਟਿਆਲਾ ‘ਚ ਪੁੱਛਗਿੱਛ ਲਈ ਬੁਲਾਇਆ ਗਿਆ।