ਪੰਜਾਬ ਵਿੱਚ ਔਰਤਾਂ ਦੀ ਆਬਾਦੀ ਮਰਦਾਂ ਦੇ ਲਗਭਗ ਬਰਾਬਰ ਹੈ, ਪਰ ਰਾਜਨੀਤੀ ਵਿੱਚ ਉਨ੍ਹਾਂ ਦੀ ਭਾਗੀਦਾਰੀ ਨਾਮਾਤਰ ਹੀ ਹੈ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ-2024 ਵਿੱਚ ਇੱਕ ਵੀ ਮਹਿਲਾ ਉਮੀਦਵਾਰ ਨੂੰ ਮੈਦਾਨ ਵਿੱਚ ਨਹੀਂ ਉਤਾਰਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਛੱਡ ਕੇ ਕਿਸੇ ਹੋਰ ਮਹਿਲਾ ਆਗੂ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਹਾਲ ਹੀ ਵਿੱਚ ਆਪਣੀ ਪੁਰਾਣੀ ਨਾਰਾਜ਼ਗੀ ਨੂੰ ਪਾਸੇ ਰੱਖ ਕੇ ਮੁੜ ਪਾਰਟੀ ਵਿੱਚ ਸ਼ਾਮਲ ਹੋ ਗਈ ਸੀ, ਇਸ ਦੇ ਬਾਵਜੂਦ ਉਨ੍ਹਾਂ ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ। ਉਨ੍ਹਾਂ ਨੂੰ ਹੁਣ ਜਲੰਧਰ ਲੋਕ ਸਭਾ ਸੀਟ ਦਾ ਇੰਚਾਰਜ ਬਣਾਇਆ ਗਿਆ ਹੈ।
ਕਾਂਗਰਸ ਅਤੇ ਭਾਜਪਾ ਨੇ ਦੋ-ਦੋ ਮਹਿਲਾ ਉਮੀਦਵਾਰ ਖੜ੍ਹੇ ਕੀਤੇ ਹਨ। ਪੰਜਾਬ ਵਿੱਚ ਕੁੱਲ ਵੋਟਰਾਂ ਦੀ ਅੱਧੀ ਗਿਣਤੀ ਔਰਤਾਂ ਦੀ ਹੈ। ਇਸ ਦੇ ਬਾਵਜੂਦ ਸਿਆਸੀ ਪਾਰਟੀਆਂ ਵਿੱਚ ਔਰਤਾਂ ਦੀ ਭਾਗੀਦਾਰੀ ਘੱਟ ਰਹੀ ਹੈ। ਜੇਕਰ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਪਿਛਲੇ ਤਿੰਨ ਸਾਲਾਂ ‘ਚ ਲਗਭਗ 56 ਔਰਤਾਂ ਨੂੰ ਮੌਕਾ ਮਿਲਿਆ, ਜੋ ਕਿ ਪੁਰਸ਼ਾਂ ਦੇ ਮੁਕਾਬਲੇ ਬਹੁਤ ਘੱਟ ਹੈ, ਪਰ ਇਨ੍ਹਾਂ ‘ਚੋਂ ਸਿਰਫ 7 ਔਰਤਾਂ ਹੀ ਜਿੱਤ ਦਰਜ ਕਰਕੇ ਸੰਸਦ ‘ਚ ਪਹੁੰਚ ਸਕੀਆਂ ਹਨ।