ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਵਿੱਚ ਰਾਜਸਥਾਨ ਸਰਕਾਰ ਨੂੰ ਵੀ ਧਿਰ ਬਣਾਇਆ ਗਿਆ ਹੈ। ਇਸ ਕੇਸ ਵਿੱਚ ਹਾਈ ਕੋਰਟ ਦੀ ਸਹਾਇਤਾ ਕਰ ਰਹੇ ਵਕੀਲ ਤਨੂ ਬੇਦੀ ਨੇ ਅੱਜ ਰਾਜਸਥਾਨ ਸਰਕਾਰ ਨੂੰ ਇਸ ਕੇਸ ਵਿੱਚ ਧਿਰ ਬਣਾਉਣ ਲਈ ਅਰਜ਼ੀ ਦਿੱਤੀ ਹੈ।
ਐਸਆਈਟੀ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਸੀ ਕਿ ਗੈਂਗਸਟਰ ਬਿਸ਼ਨੋਈ ਦੀ ਇੰਟਰਵਿਊ ਰਾਜਸਥਾਨ ਵਿੱਚ ਹੋਈ ਸੀ। ਹਾਈ ਕੋਰਟ ਨੇ ਹੁਣ ਇਸ ਮਾਮਲੇ ਵਿੱਚ ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। 3 ਸਤੰਬਰ ਨੂੰ ਰਾਜਸਥਾਨ ਦੇ ਐਡਵੋਕੇਟ ਜਨਰਲ ਨੂੰ ਵੀਸੀ ਰਾਹੀਂ ਸੁਣਵਾਈ ਵਿੱਚ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ।
ਪੰਜਾਬ ਦੇ ਖਰੜ ਸਥਿਤ ਸੀਆਈਏ ਕੰਪਲੈਕਸ ਵਿੱਚ ਹੋਈ ਪਹਿਲੀ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਹਾਈ ਕੋਰਟ ਨੇ ਕਿਹਾ ਕਿ ਇਸ ਲਈ ਦੋਸ਼ੀ ਸੀਨੀਅਰ ਅਧਿਕਾਰੀਆਂ ਦੀ ਪਛਾਣ ਕਰਕੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਪੁਲਿਸ ਹਿਰਾਸਤ ਵਿੱਚ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਬਣਾਈ ਗਈ SIT ਨੇ ਖੁਲਾਸਾ ਕੀਤਾ ਹੈ ਕਿ ਉਸਦੀ ਪਹਿਲੀ ਇੰਟਰਵਿਊ ਸੀਆਈਏ (ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ) ਦੇ ਖਰੜ ਪੁਲਿਸ ਸਟੇਸ਼ਨ (ਮੁਹਾਲੀ) ਵਿੱਚ ਹੋਈ ਸੀ। ਸਤੰਬਰ 2022 ਵਿੱਚ ਰਿਕਾਰਡ ਕੀਤੀ ਗਈ ਇਹ ਇੰਟਰਵਿਊ ਸੱਤ ਮਹੀਨੇ ਬਾਅਦ ਮਾਰਚ 2023 ਵਿੱਚ ਜਾਰੀ ਕੀਤੀ ਗਈ ਸੀ। ਦੂਜੀ ਇੰਟਰਵਿਊ ਰਾਜਸਥਾਨ ਦੀ ਇੱਕ ਜੇਲ੍ਹ ਵਿੱਚ ਹੋਈ। SIT ਦੀ ਰਿਪੋਰਟ ਨੇ ਪੰਜਾਬ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੋਲ੍ਹ ਦਿੱਤੀ ਹੈ ਕਿ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਨਹੀਂ ਹੋਈ।