ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਰਿਹਾ ਹੈ। ਐਤਵਾਰ ਅਤੇ ਸੋਮਵਾਰ ਨੂੰ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਇਸ ਦੌਰਾਨ ਕਈ ਥਾਵਾਂ ‘ਤੇ ਗਰਜ, ਬਿਜਲੀ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਸ਼ੁੱਕਰਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਅਜੇ ਵੀ ਔਸਤ ਨਾਲੋਂ 3.5 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵਿੱਚ ਵੀ 1.2 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਵੀ ਔਸਤ ਨਾਲੋਂ 3 ਡਿਗਰੀ ਵੱਧ ਬਣਿਆ ਹੋਇਆ ਹੈ।