2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ‘ਤੇ ਪੰਜਾਬ ਸਰਕਾਰ ਦੇ ਹੁਕਮਾਂ ਕਾਰਨ ਮੁੜ ਤਲਵਾਰ ਲਟਕ ਗਈ ਹੈ। ਡਿਪਲੋਮਾ ਇਨ ਐਲੀਮੈਂਟਰੀ ਐਜੂਕੇਸ਼ਨ ਦਾ 18 ਮਹੀਨਿਆਂ ਦਾ ਕੋਰਸ ਕਰਨ ਵਾਲੇ ਬਿਨੈਕਾਰਾਂ ਨੂੰ ਇਸ ਭਰਤੀ ਵਿੱਚੋਂ ਬਾਹਰ ਕਰਨ ਦੇ ਫੈਸਲੇ ਕਾਰਨ ਇਹ ਮਾਮਲਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ ਅਤੇ ਹਾਈ ਕੋਰਟ ਨੇ ਫਾਈਨਲ ਨਤੀਜਾ ਜਾਰੀ ਕਰਨ ’ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸਰਕਾਰ ਤੋਂ ਦਸੰਬਰ ‘ਚ ਦਿੱਤੇ ਉਸ ਬਿਆਨ ‘ਤੇ ਵੀ ਸਪੱਸ਼ਟੀਕਰਨ ਮੰਗਿਆ ਹੈ, ਜਿਸ ‘ਚ ਕਿਹਾ ਗਿਆ ਸੀ ਕਿ ਨਤੀਜੇ 8 ਹਫਤਿਆਂ ‘ਚ ਜਾਰੀ ਕਰ ਦਿੱਤੇ ਜਾਣਗੇ।
ਪਟੀਸ਼ਨ ਦਾਇਰ ਕਰਦੇ ਹੋਏ ਮਹਾਵੀਰ ਸਿੰਘ ਅਤੇ ਹੋਰਨਾਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 2020 ਵਿੱਚ 2364 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਸਨ। ਨਿਯੁਕਤੀ ਦੌਰਾਨ ਲਿਖਤੀ ਪ੍ਰੀਖਿਆ ਅਤੇ ਉੱਚ ਵਿਦਿਅਕ ਯੋਗਤਾ ਦੇ 5 ਅੰਕ ਜੋੜ ਕੇ ਮੈਰਿਟ ਬਣਾਈ ਜਾਣੀ ਸੀ। ਪਟੀਸ਼ਨਰਾਂ ਨੇ ਕਿਹਾ ਸੀ ਕਿ ਨਿਯਮਾਂ ਵਿੱਚ ਕਿਤੇ ਵੀ ਇਹ ਵਿਵਸਥਾ ਨਹੀਂ ਹੈ ਕਿ ਉੱਚ ਵਿਦਿਅਕ ਯੋਗਤਾਵਾਂ ਲਈ ਵਾਧੂ ਅੰਕ ਦਿੱਤੇ ਜਾਣ। ਨਾਲ ਹੀ, ਕਾਨੂੰਨੀ ਵਿਵਸਥਾ ਦੀ ਅਣਹੋਂਦ ਵਿੱਚ, ਭਰਤੀ ਲਈ ਕੁਝ ਵੀ ਜੋੜਿਆ ਨਹੀਂ ਜਾ ਸਕਦਾ ਅਤੇ ਨਾ ਹੀ ਕੁਝ ਵੀ ਹਟਾਇਆ ਜਾ ਸਕਦਾ ਹੈ।