ਭਾਰਤ ਦੇ ਜ਼ਿਆਦਾਤਰ ਹਿੱਸੇ ਇਨ੍ਹੀਂ ਦਿਨੀਂ ਭਿਆਨਕ ਗਰਮੀ ਨਾਲ ਜੂਝ ਰਹੇ ਹਨ। ਉੱਤਰੀ ਭਾਰਤ ਦੇ ਮੈਦਾਨੀ ਇਲਾਕੇ ਪਿਛਲੇ ਪੰਜ ਦਿਨਾਂ ਤੋਂ ਭਿਆਨਕ ਗਰਮੀ ਦੀ ਲਪੇਟ ਵਿੱਚ ਹਨ। ਹੁਣ ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਜਿਨ੍ਹਾਂ ਰਾਜਾਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰ ਪੱਛਮੀ ਮੱਧ ਪ੍ਰਦੇਸ਼ ਸ਼ਾਮਲ ਹਨ।
ਗਰਮੀ ਕਾਰਨ ਆਮ ਜਨਜੀਵਨ ਪ੍ਰਭਾਵਿਤ
ਮੌਸਮ ਵਿਭਾਗ ਨੇ ਕਿਹਾ ਹੈ ਕਿ ਗਰਮੀ ਦੇ ਮੱਦੇਨਜ਼ਰ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਲੋਕਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਹੇਠਲੇ ਪਹਾੜੀ ਖੇਤਰਾਂ ਵਿੱਚ ਵੀ ਤੇਜ਼ ਗਰਮੀ ਰਹੇਗੀ। ਮੰਗਲਵਾਰ ਨੂੰ ਦੇਸ਼ ਦੇ ਕਈ ਇਲਾਕਿਆਂ ‘ਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਰਿਹਾ। ਇਨ੍ਹਾਂ ਵਿੱਚ ਰਾਜਸਥਾਨ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕੇ ਸ਼ਾਮਲ ਹਨ। ਗਰਮੀ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਗੁਜਰਾਤ ਦੇ ਕਈ ਇਲਾਕਿਆਂ ਵਿੱਚ ਕੜਾਕੇ ਦੀ ਗਰਮੀ ਦੇ ਨਾਲ-ਨਾਲ ਨਮੀ ਸਥਿਤੀ ਨੂੰ ਹੋਰ ਖ਼ਤਰਨਾਕ ਬਣਾ ਰਹੀ ਹੈ। ਹਰਿਆਣਾ ਦੇ ਸਿਰਸਾ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।