ਭਾਰਤਮਾਲਾ ਪ੍ਰਾਜੈਕਟ ਤਹਿਤ ਬਣਾਏ ਜਾ ਰਹੇ ਦਿੱਲੀ ਅੰਮ੍ਰਿਤਸਰ ਕਟੜਾ ਗ੍ਰੀਨਫੀਲਡ ਹਾਈਵੇਅ ਪ੍ਰਾਜੈਕਟ ਨੂੰ ਗ੍ਰਹਿਣ ਲੱਗ ਸਕਦਾ ਹੈ। ਇਸ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਨਾ ਕਾਫੀ ਸਮੇਂ ਤੋਂ ਔਖਾ ਕੰਮ ਸਾਬਤ ਹੋ ਰਿਹਾ ਹੈ।
ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਵੀ ਇਸ ਸਬੰਧੀ ਚੇਤਾਵਨੀ ਦਿੱਤੀ ਹੈ। ਦੂਜੇ ਪਾਸੇ ਹੁਣ ਇਸ ਪ੍ਰਾਜੈਕਟ ’ਤੇ ਕੰਮ ਕਰ ਰਹੇ ਐਨਐਚਏਆਈ ਦੇ ਠੇਕੇਦਾਰ ਨੇ ਵੀ ਹੱਥ ਪਿੱਛੇ ਖਿੱਚਣ ਦੀ ਚਿਤਾਵਨੀ ਦਿੱਤੀ ਹੈ। ਇਸ ਪ੍ਰਾਜੈਕਟ ‘ਤੇ ਕੰਮ ਕਰ ਰਹੀ ਕੰਪਨੀ ਅਤੇ ਠੇਕੇਦਾਰਾਂ ਨੇ ਸੂਬੇ ‘ਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਹੈ।
ਵਰਣਨਯੋਗ ਹੈ ਕਿ ਇਹ ਮਾਮਲਾ ਪੰਜਾਬ ਦੇ ਮੁੱਖ ਸਕੱਤਰ ਦੀ ਅਦਾਲਤ ਵਿਚ ਵੀ ਪਹੁੰਚ ਚੁੱਕਾ ਹੈ। NHAI ਅਧਿਕਾਰੀਆਂ ਦਾ ਤਰਕ ਹੈ ਕਿ ਰਾਜ ਵਿੱਚ ਕੰਮ ਕਰਨ ਵਿੱਚ ਕਈ ਸਮੱਸਿਆਵਾਂ ਹਨ। ਮੁੱਖ ਸਕੱਤਰ ਨੇ ਡੀਜੀਪੀ ਗੌਰਵ ਯਾਦਵ ਨੂੰ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਥਾਣਾ ਦਾਖਾ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸ਼੍ਰੀ ਬਾਲਾਜੀ ਟ੍ਰੇਡਿੰਗ ਕੰਪਨੀ ਦੇ ਮੁਕੇਸ਼ ਗੋਦਰਾ ਅਤੇ ਸ਼੍ਰੀ ਬਾਲਾਜੀ ਬਿਲਡਿਕਨ ਦੇ ਸੰਦੀਪ ਸ਼ਰਮਾ ਅਤੇ ਪੰਦਰਾਂ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਜਾਰੀ ਹੈ।
NHAI ਦੇ ਖੇਤਰੀ ਅਧਿਕਾਰੀ ਵਿਪਨੇਸ਼ ਸ਼ਰਮਾ ਨੇ ਮੁੱਖ ਸਕੱਤਰ ਨੂੰ ਲਿਖੇ ਪੱਤਰ ‘ਚ ਸਪੱਸ਼ਟ ਕਿਹਾ ਹੈ ਕਿ ਇਸ ਪ੍ਰਾਜੈਕਟ ‘ਤੇ ਕੰਮ ਕਰ ਰਹੇ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ। ਠੇਕੇਦਾਰਾਂ ਦਾ ਦੋਸ਼ ਹੈ ਕਿ ਲੁਧਿਆਣਾ ਤੋਂ ਇਲਾਵਾ ਜਲੰਧਰ ਵਿੱਚ ਵੀ ਮੁਸ਼ਕਲਾਂ ਆ ਰਹੀਆਂ ਹਨ। ਪੱਤਰ ਦੇ ਨਾਲ 20 ਜੁਲਾਈ ਨੂੰ ਦਾਖਾ ਦੇ ਮੁਲਾਜ਼ਮ ਮਨੀਸ਼ ਨਾਲ ਪਿੰਡ ਵਾਸੀਆਂ ਦੀ ਕੁੱਟਮਾਰ ਦੀਆਂ ਤਸਵੀਰਾਂ ਵੀ ਭੇਜੀਆਂ ਗਈਆਂ ਹਨ। ਅਧਿਕਾਰੀਆਂ ਦਾ ਤਰਕ ਹੈ ਕਿ ਇਸ ਸਭ ਪਿੱਛੇ ਭੂ-ਮਾਫੀਆ ਦਾ ਹੱਥ ਹੋ ਸਕਦਾ ਹੈ। ਦਾਖਾ ਥਾਣਾ ਇੰਚਾਰਜ ਕੇਐਸ ਧਾਲੀਵਾਲ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।