ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਕਤਲ ਤੋਂ ਬਾਅਦ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਵੀ ਡਾਕਟਰਾਂ ਨੇ ਹੜਤਾਲ ਕੀਤੀ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਸਮੇਤ ਜ਼ਿਲ੍ਹੇ ਭਰ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਹੜਤਾਲ ‘ਤੇ ਹਨ। ਸਿਰਫ਼ ਐਮਰਜੈਂਸੀ ਸੇਵਾਵਾਂ ਉਪਲਬਧ ਹਨ। ਇਸ ਦੇ ਨਾਲ ਹੀ ਮੋਗਾ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਨੇ ਪ੍ਰਦਰਸ਼ਨ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ। ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਨੇ ਦੋ ਘੰਟੇ ਦੀ ਹੜਤਾਲ ਕਰ ਦਿੱਤੀ ਹੈ।
ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਵੀ ਡਾਕਟਰਾਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਐਸ.ਐਮ.ਓ ਡਾ.ਸੁਨੀਲ ਚੰਦ ਸਮੇਤ ਕਈ ਡਾਕਟਰ ਹਾਜ਼ਰ ਸਨ। ਐਸਐਮਓ ਡਾਕਟਰ ਸੁਨੀਲ ਚੰਦ ਤੇ ਹੋਰ ਡਾਕਟਰਾਂ ਨੇ ਕਿਹਾ ਕਿ ਜਦੋਂ ਤੱਕ ਮਹਿਲਾ ਡਾਕਟਰ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ ਉਦੋਂ ਤੱਕ ਡਾਕਟਰ ਆਪਣੀ ਹੜਤਾਲ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਉੱਤਰਾਖੰਡ ਵਿੱਚ ਵੀ ਅਜਿਹੀ ਹੀ ਇੱਕ ਘਟਨਾ ਵਾਪਰੀ ਹੈ। ਫਿਰ ਵੀ ਸਰਕਾਰ ਕੋਈ ਠੋਸ ਕਦਮ ਨਹੀਂ ਚੁੱਕ ਰਹੀ।
ਮ੍ਰਿਤਕ ਡਾਕਟਰ ਨੂੰ ਇਨਸਾਫ ਦਿਵਾਉਣ ਲਈ ਹੜਤਾਲ ਜਾਰੀ ਰਹੇਗੀ। ਸਿਵਲ ਹਸਪਤਾਲ ਵਿੱਚ ਹਰ ਇੱਕ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਡਾਕਟਰਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਦੌਰਾਨ ਹਸਪਤਾਲ ਦੀ ਓਪੀਡੀ ਪੂਰੀ ਤਰ੍ਹਾਂ ਠੱਪ ਹੋ ਗਈ ਜਦਕਿ ਐਮਰਜੈਂਸੀ ਸੇਵਾਵਾਂ ਚੱਲ ਰਹੀਆਂ ਸਨ। ਦੂਜੇ ਪਾਸੇ ਇਸ ਹੜਤਾਲ ਕਾਰਨ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਮਰੀਜ਼ਾਂ ਨੂੰ ਖਾਲੀ ਹੱਥ ਪਰਤਣਾ ਪਿਆ।