22 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਦੇਸ਼ ਦੀ ਸਿਖਰਲੀ ਅਦਾਲਤ ਨੇ ਪਿਛਲੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਰਚ 2024 ਦੇ ਆਦੇਸ਼ ‘ਤੇ ਰੋਕ ਲਗਾ ਕੇ ਕੇਸ ਨੂੰ ਬਹਾਲ ਕਰ ਦਿੱਤਾ ਸੀ, ਜਿਸ ਨੇ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਤਿੰਨ ਅਪਰਾਧਿਕ ਮਾਮਲਿਆਂ ਵਿੱਚ ਡੇਰਾ ਮੁਖੀ ਵਿਰੁੱਧ ਕਾਰਵਾਈ ਨੂੰ ਰੋਕ ਦਿੱਤਾ ਸੀ। ਜਸਟਿਸ ਭੂਸ਼ਣ ਆਰ. ਗਵਈ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਦੀ ਅਪੀਲ ’ਤੇ ਹਾਈ ਕੋਰਟ ਦੇ 11 ਮਾਰਚ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਸੀ। ਰਾਜ ਨੇ ਪਹਿਲਾਂ ਹੀ ਸੁਲਝੇ ਹੋਏ ਕਾਨੂੰਨੀ ਮੁੱਦੇ ‘ਤੇ ਮੁੜ ਵਿਚਾਰ ਕਰਨ ਲਈ ਹਾਈ ਕੋਰਟ ਦੀ ਪਹੁੰਚ ‘ਤੇ ਸਵਾਲ ਉਠਾਏ ਸਨ। ਸੂਤਰਾਂ ਨੇ ਦੱਸਿਆ ਕਿ ਫਰੀਦਕੋਟ ਦੇ ਥਾਣਾ ਬਾਜਾਖਾਨਾ ਵਿੱਚ ਦਰਜ 3 ਕੇਸਾਂ ਵਿੱਚ ਮੁਕੱਦਮੇ ਦੀ ਪ੍ਰਵਾਨਗੀ ਮਿਲ ਚੁੱਕੀ ਹੈ।