ਹਰਿਆਣਾ-ਪੰਜਾਬ ਸਰਹੱਦ ‘ਤੇ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਖਨੌਰੀ ਸਰਹੱਦ ’ਤੇ ਪਿਛਲੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਆਪਣਾ ਮਰਨ ਵਰਤ ਤੋੜਨ ਨੂੰ ਤਿਆਰ ਨਹੀਂ ਹਨ। ਸ਼ੰਭੂ ਸਰਹੱਦ ‘ਤੇ ਕਿਸਾਨ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ। ਪਰ ਹਰਿਆਣਾ ਪੁਲਿਸ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਰਹੀ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਮਯੰਕ ਮਿਸ਼ਰਾ ਐਤਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚੇ ਸਨ। ਡੱਲੇਵਾਲ ਨਾਲ ਗੱਲ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਅਸੀਂ ਕਿਸਾਨਾਂ ਦੀਆਂ ਮੰਗਾਂ ਦੀ ਸੂਚੀ ਲੈ ਲਈ ਹੈ ਅਤੇ ਅਸੀਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਾਂ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ ਡੱਲੇਵਾਲ ਤੱਕ ਪਹੁੰਚਾ ਦਿੱਤਾ ਹੈ। ਸੀ.ਐਮ ਨੂੰ ਉਸ ਦੀ ਚਿੰਤਾ ਹੈ ਅਤੇ ਡੱਲੇਵਾਲ ਦੀ ਜਾਨ ਕੀਮਤੀ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕਿਸਾਨਾਂ ਨੇ ਤੀਜੀ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਨਾਕਾਬੰਦੀ ਦੇ ਸਾਹਮਣੇ ਕਿਸਾਨਾਂ ਨੂੰ ਕੋਈ ਸਫਲਤਾ ਨਹੀਂ ਮਿਲੀ। ਇੱਕ ਵਾਰ ਫਿਰ ਕਿਸਾਨਾਂ ਨੂੰ ਸ਼ੰਭੂ ਸਰਹੱਦ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਦਾ ਸਾਹਮਣਾ ਕਰਨਾ ਪਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਪੁਲੀਸ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਰਬੜ ਦੀਆਂ ਗੋਲੀਆਂ ਚਲਾਈਆਂ ਅਤੇ ਘੱਗਰ ਦਰਿਆ ਦਾ ਗੰਦਾ ਤੇ ਕੈਮੀਕਲ ਵਾਲਾ ਪਾਣੀ ਸੁੱਟਿਆ। ਇਸ ਸੰਘਰਸ਼ ਵਿੱਚ 17 ਕਿਸਾਨ ਜ਼ਖ਼ਮੀ ਹੋਏ ਹਨ। ਇਸੇ ਦੌਰਾਨ ਖੰਨਾ ਤੋਂ ਆਏ ਕਿਸਾਨ ਜੋਧ ਸਿੰਘ ਨੇ ਸਲਫਾਸ ਨਿਗਲ ਲਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਹੈ।