BTV BROADCASTING

ਜਲੰਧਰ ਪੁਲਿਸ ਨੇ 100 ਗ੍ਰਾਮ ਹੈਰੋਇਨ ਸਣੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ

ਜਲੰਧਰ ਪੁਲਿਸ ਨੇ 100 ਗ੍ਰਾਮ ਹੈਰੋਇਨ ਸਣੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ

ਜਲੰਧਰ, 21 ਮਾਰਚ 2024 : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਅਪਰਾਧੀ ਨੂੰ ਕਾਬੂ ਕਰਕੇ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ |

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੀ ਵਚਨਬੱਧਤਾ ਦੇ ਤਹਿਤ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਸ ਨੇ ਦੱਸਿਆ ਕਿ ਟਰਾਂਸਪੋਰਟ ਨਗਰ ਨੇੜੇ ਪੁਲਸ ਪਾਰਟੀ ਤਾਇਨਾਤ ਸੀ, ਜਦੋਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਆਪਣੇ ਵੱਲ ਆਉਂਦਾ ਦੇਖਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਦੀ ਮੌਜੂਦਗੀ ਦੇਖ ਕੇ ਉਕਤ ਵਿਅਕਤੀ ਨੇ ਆਪਣੀ ਜੇਬ ‘ਚੋਂ ਪੋਲੀਥੀਨ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਉਸ ਦੀਆਂ ਗਤੀਵਿਧੀਆਂ ’ਤੇ ਸ਼ੱਕ ਪੈਣ ’ਤੇ ਪੁਲੀਸ ਨੇ ਕੁਲਦੀਪ ਪੁੱਤਰ ਬਲਵਿੰਦਰ ਕੁਮਾਰ ਵਾਸੀ ਗਲੀ ਨੰਬਰ 1, ਅਜੀਤਪਾਲ ਫੈਕਟਰੀ ਨੇੜੇ, ਪਿੰਡ ਰੇਰੂ ਜਲੰਧਰ ਨੂੰ ਕਾਬੂ ਕਰ ਲਿਆ। ਉਸ ਨੇ ਦੱਸਿਆ ਕਿ ਪੁਲਸ ਨੇ ਪੋਲੀਥੀਨ ਦੀ ਤਲਾਸ਼ੀ ਲੈਣ ‘ਤੇ ਉਸ ‘ਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸ਼੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਸ ਦੇ ਖਿਲਾਫ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਡਵੀਜ਼ਨ ਨੰਬਰ 8 ਜਲੰਧਰ ਵਿਖੇ ਐਫ.ਆਈ.ਆਰ ਨੰਬਰ 59 ਮਿਤੀ 18-03-2024 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 8 ਵਿੱਚ ਪਹਿਲਾਂ ਹੀ ਐਨਡੀਪੀਐਸ ਦਾ ਕੇਸ ਦਰਜ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਸ਼ਹਿਰ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Related Articles

Leave a Reply