ਆਮ ਆਦਮੀ ਪਾਰਟੀ ਨੇ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਆਪਣੇ ਤਿੰਨ ਵਿਧਾਇਕਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾਂ ਵੀ ‘ਆਪ’ ਨੇ ਆਪਣੇ ਪੰਜ ਮੰਤਰੀਆਂ ਨੂੰ ਮੈਦਾਨ ‘ਚ ਉਤਾਰਿਆ ਹੈ। ਇਸ ਦੇ ਨਾਲ ਹੀ ‘ਆਪ’ ਨੇ ਸੂਬੇ ਦੇ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਪਵਨ ਟੀਨੂੰ ਨੂੰ ਟਿਕਟ ਦਿੱਤੀ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਜਲੰਧਰ ਤੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਨੇ ਵੀ ਉਨ੍ਹਾਂ ਨੂੰ ਇਸੇ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਸਾਬਕਾ ਅਕਾਲੀ ਵਿਧਾਇਕ ਪਵਨ ਟੀਨੂੰ ਐਤਵਾਰ ਨੂੰ ‘ਆਪ’ ‘ਚ ਸ਼ਾਮਲ ਹੋ ਗਏ। ਟਿਕਟ ਮਿਲਦੇ ਹੀ ਟੀਨੂੰ ਨੇ ਨਿਰਮਲ ਕੁਟੀਆ ਸੀਚੇਵਾਲ ਵਿਖੇ ਪਹੁੰਚ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਤੋਂ ਅਸ਼ੀਰਵਾਦ ਲਿਆ। ਪਾਰਟੀ ਨੇ ਗੁਰਦਾਸਪੁਰ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਫ਼ਿਰੋਜ਼ਪੁਰ ਤੋਂ ਕਾਕਾ ਬਰਾੜ ਮੈਦਾਨ
‘ਆਪ’ ਨੇ ਫ਼ਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਬਣਾਇਆ ਹੈ। ਉਹ ਮੁਕਤਸਰ ਸਾਹਿਬ ਤੋਂ ਵਿਧਾਇਕ ਹਨ। ਕਾਕਾ ਬਰਾੜ ਨੇ 2002 ਵਿੱਚ ਆਜ਼ਾਦ ਉਮੀਦਵਾਰ ਵਜੋਂ ਨਗਰ ਕੌਂਸਲ ਚੋਣਾਂ ਲੜ ਕੇ ਰਾਜਨੀਤੀ ਦੀ ਸ਼ੁਰੂਆਤ ਕੀਤੀ ਅਤੇ ਪਹਿਲੀ ਚੋਣ ਜਿੱਤ ਕੇ ਕੌਂਸਲਰ ਬਣੇ। 2007 ਵਿੱਚ, ਉਸਨੇ ਅਕਾਲੀ ਦਲ ਦੀ ਤਰਫੋਂ ਦੂਜੀ ਨਗਰ ਕੌਂਸਲ ਦੀ ਚੋਣ ਲੜੀ ਅਤੇ ਜਿੱਤੇ। ਉਹ 2012 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਵਾਰ 2017 ‘ਚ ‘ਆਪ’ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜੀ ਸੀ। ਇਸ ਚੋਣ ਵਿੱਚ ਉਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨਾਲ ਸੀ ਪਰ ਉਹ ਚੋਣ ਹਾਰ ਗਏ ਸਨ।