17 APRIL 2024: ਸੰਯੁਕਤ ਅਰਬ ਅਮੀਰਾਤ (ਯੂਏਈ) ਅਤੇ ਓਮਾਨ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਵੀ ਭਾਰੀ ਮੀਂਹ ਨੇ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਮੀਂਹ ਅਤੇ ਹੜ੍ਹ ਕਾਰਨ ਉੱਥੇ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਖੈਬਰ ਪਖਤੂਨਖਵਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ 12 ਅਪ੍ਰੈਲ ਤੋਂ ਪਾਕਿਸਤਾਨ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ।
ਪਾਕਿਸਤਾਨ ਦੀ ਆਫ਼ਤ ਪ੍ਰਬੰਧਨ ਅਥਾਰਟੀ (ਪੀਡੀਐਮਏ) ਦਾ ਕਹਿਣਾ ਹੈ ਕਿ 32 ਲੋਕ ਗੰਭੀਰ ਜ਼ਖ਼ਮੀ ਹਨ। ਇਸ ਕਾਰਨ ਦੱਖਣ-ਪੱਛਮੀ ਖੇਤਰਾਂ ਯਾਨੀ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ‘ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ।
ਹਸਪਤਾਲਾਂ ਵਿੱਚ ਲੋਕਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। PDMA ਨੇ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਜਾਰੀ ਕੀਤੀ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਆਵਾਜਾਈ ਲਈ ਸੜਕਾਂ ਦਾ ਸੁਧਾਰ ਕੀਤਾ ਜਾ ਰਿਹਾ ਹੈ।
22 ਅਪ੍ਰੈਲ ਤੱਕ ਭਾਰੀ ਮੀਂਹ ਦਾ ਅਲਰਟ
ਪਾਕਿਸਤਾਨ ਦੇ ਮੌਸਮ ਵਿਭਾਗ ਨੇ 22 ਅਪ੍ਰੈਲ ਤੱਕ ਪੂਰੇ ਦੇਸ਼ ‘ਚ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਦੱਖਣੀ ਸੂਬਿਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਤੂਫਾਨ ਬਲੋਚਿਸਤਾਨ ਵਿੱਚ ਭਾਰੀ ਤਬਾਹੀ ਮਚਾ ਸਕਦਾ ਹੈ। ਖੈਬਰ ਪਖਤੂਨਖਵਾ ਦੇ ਚਿਤਰਾਲ, ਡਾਰ, ਸਵਾਤ, ਐਬਟਾਬਾਦ ‘ਚ ਜ਼ਿਆਦਾ ਨੁਕਸਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਪਾਕਿਸਤਾਨ ਦੇ ਕਈ ਹੋਰ ਸੂਬਿਆਂ ਲਈ ਵੀ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।