10 ਅਪ੍ਰੈਲ 2024: ਦੇਸ਼ ਭਰ ‘ਚ ਦੋ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਗਰਮੀ ਦੇ ਮੌਸਮ ‘ਚ ਕਈ ਇਲਾਕਿਆਂ ‘ਚ ਮੀਂਹ ਅਤੇ ਗੜੇਮਾਰੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਬੁੱਧਵਾਰ (10 ਅਪ੍ਰੈਲ) ਨੂੰ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਵੀ ਇੱਥੇ ਮੀਂਹ ਅਤੇ ਗੜੇਮਾਰੀ ਦੇਖਣ ਨੂੰ ਮਿਲੀ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ।
ਇਸ ਦੇ ਨਾਲ ਹੀ ਛੱਤੀਸਗੜ੍ਹ, ਉੱਤਰ ਪ੍ਰਦੇਸ਼, ਪੰਜਾਬ, ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਬਿਹਾਰ, ਤੇਲੰਗਾਨਾ, ਕੇਰਲ, ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ 14 ਅਪ੍ਰੈਲ ਤੱਕ ਬਰਸਾਤ ਜਾਰੀ ਰਹੇਗੀ। ਇਸ ਤੋਂ ਇਲਾਵਾ 13 ਅਤੇ 14 ਅਪ੍ਰੈਲ ਨੂੰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਜ਼ਿਲਿਆਂ ‘ਚ ਬਰਫਬਾਰੀ ਹੋ ਸਕਦੀ ਹੈ।
ਇਕ ਪਾਸੇ ਜਿੱਥੇ ਦੇਸ਼ ‘ਚ ਬਰਸਾਤ ਦੇ ਮੌਸਮ ਕਾਰਨ ਕਈ ਇਲਾਕਿਆਂ ‘ਚ ਤਾਪਮਾਨ ‘ਚ ਗਿਰਾਵਟ ਆਈ ਹੈ, ਉਥੇ ਹੀ ਦੂਜੇ ਪਾਸੇ ਕੁਝ ਇਲਾਕੇ ਅਜਿਹੇ ਹਨ, ਜਿੱਥੇ ਬਾਰਿਸ਼ ਨਾ ਹੋਣ ਕਾਰਨ ਤੇਜ਼ ਗਰਮੀ ਦਾ ਪ੍ਰਭਾਵ ਜਾਰੀ ਹੈ। ਹਰਿਆਣਾ ਦੇ ਸਿਰਸਾ ਵਿੱਚ ਵੀਰਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 39.6 ਡਿਗਰੀ ਦਰਜ ਕੀਤਾ ਗਿਆ। ਇੱਥੇ 3 ਦਿਨਾਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।