ਵੀ.ਆਈ.ਪੀਜ਼ ਅਤੇ ਵੀ.ਵੀ.ਆਈ.ਪੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ, ਜਿੱਥੇ ਹਾਈਕੋਰਟ ਵਲੋਂ ਸਖਤ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਸਿਆਸੀ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਗਾਇਕਾਂ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਦੇ ਹੋਏ ਪਾਰਟੀਆਂ, ਸੰਗਠਨਾਂ ਅਤੇ ਹੋਰਾਂ ਤੋਂ ਆਪਣੇ ਖਰਚੇ ਵਸੂਲਣ ਦਾ ਸੁਝਾਅ ਦਿੱਤਾ ਹੈ। ਪੰਜਾਬ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਚੰਡੀਗੜ੍ਹ ਨੂੰ ਵੀ ਧਿਰ ਬਣਾਇਆ ਹੈ ਅਤੇ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ ਸਿਆਸੀ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਮਨੋਰੰਜਨ ਜਗਤ ਨਾਲ ਜੁੜੇ ਲੋਕਾਂ ਦੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਪੰਜਾਬ ਪੁਲਿਸ ਸੁਰੱਖਿਆ ਪ੍ਰਦਾਨ ਕਰਦੀ ਹੈ ਅਤੇ ਇਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੂੰ ਚੁੱਕਣਾ ਪੈਂਦਾ ਹੈ। ਹੁਣ ਹਾਈਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਅਜਿਹੇ ਮਾਮਲਿਆਂ ਵਿੱਚ ਸੁਰੱਖਿਆ ਦਾ ਖਰਚਾ ਵੀ.ਆਈ.ਪੀਜ਼ ਅਤੇ ਵੀ.ਵੀ.ਆਈ.ਪੀਜ਼ ਤੋਂ ਹੀ ਵਸੂਲਿਆ ਜਾਵੇ।
ਵਰਣਨਯੋਗ ਹੈ ਕਿ ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਦੇ ਜੱਜ ਹਰਕੇਸ਼ ਮਨੂਜਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਜਵਾਬ ਦਾਇਰ ਕਰਕੇ ਇਹ ਸਪੱਸ਼ਟ ਕੀਤਾ ਜਾਵੇ ਕਿ ਕਿਸ ਲੋਕਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਕਿਉਂ ਦਿੱਤੀ ਜਾ ਰਹੀ ਹੈ। ਇਨ੍ਹਾਂ ਲੋਕਾਂ ਨੂੰ ਸੁਰੱਖਿਆ ਦੇਣ ਤੋਂ ਪਹਿਲਾਂ ਕੁਝ ਸ਼ਰਤਾਂ ਤੈਅ ਹੋਣੀਆਂ ਚਾਹੀਦੀਆਂ ਹਨ ਅਤੇ ਜੇਕਰ ਇਹ ਲੋਕ ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਦੇ ਹਨ ਤਾਂ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ।