ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਵਿੱਚ ਹਾਲ ਹੀ ਵਿੱਚ ਹੋਈਆਂ ਹਿੰਸਕ ਘਟਨਾਵਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਨੂੰ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਭਾਈਚਾਰੇ ਨੇ ਕੈਨੇਡਾ ਨੂੰ ਆਪਣੇ ਦੂਜੇ ਘਰ ਵਜੋਂ ਅਪਣਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰੀ ਅਤੇ ਟੋਰਾਂਟੋ ਵਰਗੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਵਸਦੇ ਹਨ, ਜੋ ਸਰਬੱਤ ਦਾ ਭਲਾ ਦੇ ਸਿਧਾਂਤ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਮਿਹਨਤ ਦੇ ਬਲਬੂਤੇ ਉੱਥੇ ਆਪਣੀ ਪਛਾਣ ਬਣਾਈ ਹੈ।
