ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ, “ਪੰਜਾਬ ਐਸਿਡ ਪੀੜਤ ਵਿੱਤੀ ਸਹਾਇਤਾ ਯੋਜਨਾ-2024” ਦਾ ਲਾਭ ਨਾ ਸਿਰਫ਼ ਔਰਤਾਂ ਨੂੰ, ਸਗੋਂ ਤੇਜ਼ਾਬ ਪੀੜਤ ਪੁਰਸ਼ ਅਤੇ ਟ੍ਰਾਂਸਜੈਂਡਰ ਵਿਅਕਤੀਆਂ ਨੂੰ ਵੀ ਦੇਣ ਦਾ ਫੈਸਲਾ ਕੀਤਾ ਹੈ। ਇਸ ਯੋਜਨਾ ਤਹਿਤ ਹੁਣ ਤੇਜ਼ਾਬ ਪੀੜਤਾਂ ਨੂੰ ਪ੍ਰਤੀ ਮਹੀਨਾ 10,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮਹੱਤਵਪੂਰਨ ਫੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਸਮੁੱਚੇ ਮੰਤਰੀ ਮੰਡਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਸਮਾਜ ਵਿੱਚ ਸਮਾਨਤਾ ਅਤੇ ਨਿਆਂ ਪ੍ਰਤੀ ਉਸਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਰਾਸ਼ੀ ਵਧਾਉਣ ਦਾ ਮਹੱਤਵਪੂਰਨ ਫੈਸਲਾ ਲਿਆ ਹੈ। ਇਸ ਯੋਜਨਾ ਦੇ ਤਹਿਤ, ਤੇਜ਼ਾਬ ਪੀੜਤਾਂ ਨੂੰ ਵਿੱਤੀ ਸਹਾਇਤਾ ਹੁਣ 8,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ। “ਪੰਜਾਬ ਤੇਜ਼ਾਬ ਪੀੜਤ ਵਿੱਤੀ ਸਹਾਇਤਾ ਯੋਜਨਾ-2017” ਨੂੰ ਲਿੰਗ-ਨਿਰਪੱਖ ਬਣਾਉਂਦੇ ਹੋਏ, ਇਸਨੂੰ ਹੁਣ “ਪੰਜਾਬ ਤੇਜ਼ਾਬ ਪੀੜਤ ਵਿੱਤੀ ਸਹਾਇਤਾ ਯੋਜਨਾ-2024” ਵਜੋਂ ਜਾਣਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਯੋਜਨਾ 20 ਜੂਨ, 2017 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਸਿਰਫ਼ ਤੇਜ਼ਾਬੀ ਹਮਲੇ ਦੇ ਪੀੜਤਾਂ ਨੂੰ 8,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਸੀ। ਹੁਣ, ਪੰਜਾਬ ਸਰਕਾਰ ਨੇ ਇਸ ਯੋਜਨਾ ਵਿੱਚ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਸ਼ਾਮਲ ਕਰਕੇ ਸਮਾਜਿਕ ਨਿਆਂ ਵੱਲ ਇੱਕ ਨਵਾਂ ਕਦਮ ਚੁੱਕਿਆ ਹੈ।
ਮੰਤਰੀ ਨੇ ਕਿਹਾ ਕਿ ਇਹ ਯੋਜਨਾ ਤੇਜ਼ਾਬ ਪੀੜਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਏਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਤੇਜ਼ਾਬ ਪੀੜਤਾਂ ਲਈ ਇੱਕ ਵੱਡਾ ਕਦਮ ਹੈ, ਜੋ ਕਿ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।