ਰਾਜਧਾਨੀ ‘ਚ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਅਜਿਹੀ ਸਥਿਤੀ ਵਿੱਚ, ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦਾ ਚੌਥਾ ਪੜਾਅ ਸੋਮਵਾਰ ਤੋਂ ਲਾਗੂ ਹੋਵੇਗਾ। ਇਹ ਸਵੇਰੇ 8 ਵਜੇ ਤੋਂ ਲਾਗੂ ਹੋਵੇਗਾ। ਵਧਦੇ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਇਹ ਫੈਸਲਾ ਲਿਆ ਹੈ। ਅਜਿਹੇ ‘ਚ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਹੈ। ਹਾਲਾਂਕਿ, ਜ਼ਰੂਰੀ ਸਮਾਨ ਲੈ ਕੇ ਜਾਣ ਵਾਲੇ ਟਰੱਕਾਂ ਨੂੰ ਦਾਖਲ ਹੋਣ ਦੀ ਆਗਿਆ ਹੋਵੇਗੀ। ਦੂਜੇ ਪਾਸੇ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿੱਚ 50 ਫੀਸਦੀ ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਨਾਲ ਹੀ, ਐਨਸੀਆਰ ਰਾਜਾਂ ਦੀਆਂ ਸਰਕਾਰਾਂ ਨੂੰ 6ਵੀਂ ਤੋਂ 12ਵੀਂ ਜਮਾਤ ਤੱਕ ਆਨਲਾਈਨ ਸਿੱਖਿਆ ਕਰਵਾਉਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ।
