ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਐਲਾਨ ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ ਸੀ। ਅਸਤੀਫਾ ਦੇਣ ਤੋਂ ਪਹਿਲਾਂ ਕੇਜਰੀਵਾਲ ਨੇ ਆਤਿਸ਼ੀ ਮਾਰਲੇਨਾ ਨੂੰ ਆਪਣਾ ਉੱਤਰਾਧਿਕਾਰੀ ਚੁਣ ਲਿਆ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਮੰਗਲਵਾਰ ਦੁਪਹਿਰ ਨੂੰ ਅਹੁਦੇ ਤੋਂ ਅਸਤੀਫਾ ਦੇਣ ਲਈ ਲੈਫਟੀਨੈਂਟ ਗਵਰਨਰ ਸਕੱਤਰੇਤ ਪਹੁੰਚੇ।ਕੇਜਰੀਵਾਲ ਆਪਣੇ ਕੈਬਨਿਟ ਸਾਥੀਆਂ ਨਾਲ ਲੈਫਟੀਨੈਂਟ ਗਵਰਨਰ ਸਕੱਤਰੇਤ ਪਹੁੰਚੇ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੀ ਮੌਜੂਦ ਸੀ, ਜਿਨ੍ਹਾਂ ਨੂੰ ਅੱਜ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੇਜਰੀਵਾਲ ਦਾ ਉੱਤਰਾਧਿਕਾਰੀ ਚੁਣਿਆ ਗਿਆ। ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਉਸ ਨੇ ਉਦੋਂ ਕਿਹਾ ਸੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ ‘ਤੇ ਉਦੋਂ ਹੀ ਬੈਠਣਗੇ, ਜਦੋਂ ਜਨਤਾ ਉਨ੍ਹਾਂ ਨੂੰ ‘ਇਮਾਨਦਾਰੀ ਦਾ ਸਰਟੀਫਿਕੇਟ’ ਦੇਵੇਗੀ।