ਸੂਬੇ ਵਿੱਚ ਨਸ਼ਿਆਂ ਦੀ ਲਤ ਨੂੰ ਠੱਲ੍ਹ ਪਾਉਣ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੱਕ ਵਿਆਪਕ ‘ਮਾਨਸਿਕ ਸਿਹਤ ਨੀਤੀ’ ਤਿਆਰ ਕਰਨ ਲਈ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ।
ਪੰਜਾਬ ਦੀ ਤੰਦਰੁਸਤੀ ਯਾਤਰਾ: ਮਨੋਵਿਗਿਆਨਕ ਤੰਦਰੁਸਤੀ ਦੇ ਨਾਲ’ ਵਿਸ਼ੇ ‘ਤੇ ਮਾਹਿਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਮਾਨਸਿਕ ਸਿਹਤ ਅਤੇ ਤੰਦਰੁਸਤੀ ‘ਤੇ ਕੇਂਦ੍ਰਿਤ ਆਪਣੀ ਵਿਆਪਕ ਰਣਨੀਤੀ ਦੇ ਹਿੱਸੇ ਵਜੋਂ ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ਨੂੰ ਘਟਾਉਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਤਿਆਰ ਕਰਨਾ ਸੀ
ਮੀਟਿੰਗ ਦੇ ਮੁੱਖ ਸੈਸ਼ਨ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਛੁਡਾਊ ਟੀਚੇ ਨੂੰ ਪ੍ਰਾਪਤ ਕਰਨ ਲਈ ਸਮਾਜ ਦੇ ਹਰੇਕ ਵਿਅਕਤੀ ਦਾ ਮਾਨਸਿਕ ਸਿਹਤ ਮਜ਼ਬੂਤ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ, ਕਿਸਾਨਾਂ, ਹਾਲ ਹੀ ਵਿੱਚ ਪਰਵਾਸ ਕਰਨ ਵਾਲੇ ਪੰਜਾਬੀਆਂ ਅਤੇ ਮਜ਼ਦੂਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਮਾਨਸਿਕ ਸਿਹਤ ‘ਤੇ ਕੇਂਦ੍ਰਿਤ ਕਾਊਂਸਲਿੰਗ ਦਿੱਤੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਲਤ ਨੂੰ ਰੋਕਿਆ ਜਾ ਸਕੇ।