15 ਜਨਵਰੀ 2024 : ਬਲਾਕ ਕਲਾਨੌਰ ਅਧੀਨ ਪੈਂਦੇ ਕਸਬਾ ਵਡਾਲਾ ਬਾਂਗਰ ਦੇ ਨੌਜਵਾਨ ਨਿਰਮਲ ਸਿੰਘ ਦੀ ਹਾਂਗਕਾਂਗ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਨਿਰਮਲ ਸਿੰਘ (30) ਦੇ ਪਿਤਾ ਸੁਰਜਨ ਸਿੰਘ ਨੇ ਦੱਸਿਆ ਕਿ ਉਸ ਦਾ ਇਕਲੌਤਾ ਲੜਕਾ ਕਰੀਬ ਪੰਜ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਹਾਂਗਕਾਂਗ ਗਿਆ ਸੀ। ਬੀਤੇ ਐਤਵਾਰ ਉਸ ਨੂੰ ਆਪਣੇ ਦੋਸਤਾਂ ਦਾ ਫੋਨ ਆਇਆ ਕਿ ਤੁਹਾਡੇ ਬੇਟੇ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਅਸੀਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਹੈ। ਅਸੀਂ ਸ਼ੁੱਕਰਵਾਰ ਨੂੰ ਆਪਣੇ ਬੇਟੇ ਨਾਲ ਗੱਲ ਕੀਤੀ ਅਤੇ ਗੱਲਬਾਤ ਦੌਰਾਨ ਉਹ ਕਹਿੰਦਾ ਰਿਹਾ ਕਿ ਉਹ ਠੀਕ ਹੈ ਪਰ ਕੱਲ੍ਹ ਐਤਵਾਰ ਨੂੰ ਮੈਨੂੰ ਫ਼ੋਨ ਆਇਆ ਕਿ ਤੁਹਾਡੇ ਲੜਕੇ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਪਰਿਵਾਰ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਪਿੰਡ ਲਿਆਉਣ ਵਿੱਚ ਮਦਦ ਕੀਤੀ ਜਾਵੇ। ਇਸ ਦੁੱਖ ਦੀ ਘੜੀ ਵਿੱਚ ਪਿੰਡ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੀਆਂ ਹਨ।
