17 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਿਰੁੱਧ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਸਰਹੱਦ ਅੰਦਰ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟਣ ਦੇ ਮਾਮਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਮੁੱਖ ਮੰਤਰੀ ਨੇ ਵੀਰਵਾਰ ਰਾਤ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਦੀ ਮੀਟਿੰਗ ਵਿੱਚ ਇਹ ਮਾਮਲਾ ਪ੍ਰਮੁੱਖਤਾ ਨਾਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਗਲਤ ਹੈ। ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੀਟਿੰਗ ਵਿੱਚ ਅੱਥਰੂ ਗੈਸ ਦੇ ਗੋਲੇ ਅਤੇ ਡਰੋਨਾਂ ਤੋਂ ਸੁੱਟੇ ਗਏ ਗੋਲੇ ਵੀ ਦਿਖਾਏ ਗਏ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਵਿੱਖ ਵਿੱਚ ਅਜਿਹੀ ਕਾਰਵਾਈ ਨਹੀਂ ਕੀਤੀ ਜਾਵੇਗੀ।
