ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ ਹੈ। ਅਜਿਹੇ ‘ਚ ਪੁਲਸ ਵੀ ਚੌਕਸ ਹੋ ਗਈ ਹੈ। ਲੋਹੜੀ ਦੇ ਤਿਉਹਾਰ ਮੌਕੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ ‘ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ 249 ਬੱਸ ਅੱਡਿਆਂ ਤੋਂ 77 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 3 ਅਪਰਾਧਿਕ ਮਾਮਲੇ ਦਰਜ ਕਰਕੇ 950 ਗ੍ਰਾਮ ਭੁੱਕੀ, 70 ਬੋਤਲਾਂ ਨਜਾਇਜ਼ ਸ਼ਰਾਬ ਅਤੇ 120 ਅਲਪਰਾਜ਼ੋਲਮ ਗੋਲੀਆਂ ਵੀ ਬਰਾਮਦ ਕੀਤੀਆਂ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ 28 ਪੁਲਿਸ ਜ਼ਿਲ੍ਹਿਆਂ ਦੇ 249 ਬੱਸ ਅੱਡਿਆਂ ‘ਤੇ ਚਲਾਏ ਗਏ ਇਸ ਅਪਰੇਸ਼ਨ ਦੌਰਾਨ 3514 ਵਿਅਕਤੀਆਂ ਦੀ ਤਲਾਸ਼ੀ ਲਈ ਗਈ। ਪੁਲਿਸ ਟੀਮਾਂ ਨੇ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਬੱਸ ਸਟੈਂਡਾਂ ‘ਤੇ ਛਾਪੇਮਾਰੀ ਕੀਤੀ।
ਪੁਲਿਸ ਕਾਨੂੰਨ ਅਤੇ ਵਿਵਸਥਾ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਅਰਪਿਤ ਸ਼ੁਕਲਾ ਨੇ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕੀਤੀ। ਦੱਸ ਦੇਈਏ ਕਿ ਖੁਫੀਆ ਏਜੰਸੀਆਂ ਨੇ ਇਕ ਹਫਤਾ ਪਹਿਲਾਂ ਅੱਤਵਾਦੀ ਅਲਰਟ ਜਾਰੀ ਕੀਤਾ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਰਾਜਧਾਨੀ ਦਿੱਲੀ ਅਤੇ ਪੰਜਾਬ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹਨ।
ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਹੈ। ਇਸ ਦੌਰਾਨ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਹਰ ਵਿਅਕਤੀ ਨਾਲ ਸਦਭਾਵਨਾ ਨਾਲ ਪੇਸ਼ ਆਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ 493 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।
ਇਸ ਦੌਰਾਨ ਬੱਸ ਸਟੈਂਡ ਦੇ ਆਲੇ-ਦੁਆਲੇ ਖੜ੍ਹੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ। 318 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 17 ਵਾਹਨ ਜ਼ਬਤ ਵੀ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।